ਅੰਮ੍ਰਿਤਸਰ : ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ 'ਤੇ ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ।
ਬਾਅਦ ਵਿਚ ਸਰਕਾਰ ਵੱਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵੱਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਹੁਣ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀ ਜਾਣਕਾਰੀ ਦਿੱਤੀ ਹੈ।
ਜਥੇਦਾਰ ਨਾਲ 6 ਮੁਲਾਜ਼ਮ ਤਾਇਨਾਤ ਸਨ ਤੇ ਇਨ੍ਹਾਂ ਵਿਚੋਂ 3 ਸਰਕਾਰ ਨੇ ਵਾਪਸ ਲਏ ਸਨ ਪਰ ਜਥੇਦਾਰ ਨੇ ਬਾਕੀ ਦੇ ਮੁਲਾਜ਼ਮ ਵੀ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਜਥੇਦਾਰ ਨੇ ਆਖਿਆ ਕਿ ਸਾਨੂੰ ਸਰਕਾਰੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੱਖ ਨੌਜਵਾਨ ਹੀ ਸਾਡੀ ਸੁਰੱਖਿਆ ਲਈ ਕਾਫੀ ਹਨ।