ਚੰਡੀਗੜ੍ਹ : ਸੁਨੀਲ ਜਾਖੜ ਨੇ ਕਾਂਗਰਸ, ਖਾਸ ਕਰ ਕੇ ਪੰਜਾਬ ਕਾਂਗਰਸ ਦੀਆਂ ਜੜ੍ਹਾਂ ਖੋਖਲੀਆਂ ਕਰਨ ਦਾ ਤਹੀਆ ਚੁੱਕਿਆ ਜਾਪ ਰਿਹਾ ਹੈ। ਪਹਿਲਾਂ ਜਾਖੜ ਆਪ ਭਾਜਪਾ ਵਿਚ ਸ਼ਾਮਲ ਹੋਏ ਅਤੇ ਹੁਣ ਹੋਰ ਵੱਡੇ ਕਾਂਗਰਸੀ ਆਗੂ ਵੀ ਭਾਜਪਾ ਵਿਚ ਜਾ ਰਹੇ ਹਨ।
ਦਰਅਸਲ ਮਿਲੀ ਜਾਣਕਾਰੀ ਮੁਤਾਬਿਕ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਨ੍ਹਾਂ ਲੀਡਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਵਿੱਚ ਸ਼ਾਮਲ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਪੰਜਾਬ ਕਾਂਗਰਸ ਵਿੱਚ ਹੈਰਾਨੀ ਭਰਿਆ ਮਾਹੌਲ ਪੈਦਾ ਕਰ ਦਿੱਤਾ ਹੈ।
ਹੁਣ ਤੱਕ ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਹੁਣ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਘਰ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ ਅਤੇ ਬਲਬੀਰ ਸਿੱਧੂ ਵੀ ਹਨ। ਰਾਜਕੁਮਾਰ ਵੇਰਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਕਾਂਗਰਸੀ ਆਗੂ ਕੇਵਲ ਢਿੱਲੋਂ, ਕਾਂਗਰਸੀ ਆਗੂ ਨਰਿੰਦਰ ਭਲੇਰੀਆ ਵੀ ਉਥੇ ਨਜ਼ਰ ਆਏ। ਇਸ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਇਹ ਸਾਰੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਤੋਂ ਬਾਅਦ ਸ਼ਾਮ ਨੂੰ ਸੁਨੀਲ ਜਾਖੜ ਦੇ ਘਰ ਜਾ ਸਕਦੇ ਹਨ।