ਨਵੀਂ ਦਿੱਲੀ : ਆਸਾਮ, ਗੁਜਰਾਤ ਅਤੇ ਮਹਾਰਾਸ਼ਟਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ 'ਚ ਵੀ ਭਾਰੀ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮੱਧ ਪ੍ਰਦੇਸ਼ ਦੇ ਭੋਪਾਲ, ਇੰਦੌਰ ਅਤੇ ਜਬਲਪੁਰ ਸਮੇਤ 33 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਦੂਜੇ ਪਾਸੇ ਤੇਲੰਗਾਨਾ ਵਿੱਚ ਗੋਦਾਵਰੀ ਨਦੀ ਦੂਜੇ ਖ਼ਤਰਨਾਕ ਪੱਧਰ ਦੇ ਨਿਸ਼ਾਨ ਨੂੰ ਪਾਰ ਕਰ ਗਈ ਹੈ। ਪਾਣੀ ਦਾ ਪੱਧਰ 50.4 ਫੁੱਟ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਭਦਰਚਲਮ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਕਰਨਾਟਕ ਵੀ ਹਾਈ ਅਲਰਟ 'ਤੇ ਹੈ।
ਜਿੱਥੇ ਸੋਮਵਾਰ ਨੂੰ ਦਿੱਲੀ-ਐਨਸੀਆਰ ਅਤੇ ਮੱਧ ਪ੍ਰਦੇਸ਼ ਵਿੱਚ ਬਾਰਿਸ਼ ਹੋਈ, ਉੱਥੇ ਹੀ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਬਿਹਾਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕੇ ਅਜੇ ਵੀ ਮੀਂਹ ਨੂੰ ਤਰਸ ਰਹੇ ਹਨ, 4 ਦਿਨ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।