ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਬਰਖ਼ਾਸਤ ਕਰਨ ਤੋਂ ਬਾਅਦ ਫ਼ਰਾਰ ਚੱਲ ਰਹੇ ਫਿਰੋਜ਼ਪੁਰ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬੀਤੀ ਰਾਤ ਊਨਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਵਿਭਾਗੀ ਸੂਤਰਾਂ (ਡੀਐਸਪੀ ਪੱਧਰ ਦੇ ਅਧਿਕਾਰੀ) ਵੱਲੋਂ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਪਰ ਜ਼ਿਲ੍ਹਾ ਪੁਲਿਸ ਮੁਖੀ ਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਪੁਸ਼ਟੀ ਕੀਤੀ ਜਾਣੀ ਅਜੇ ਬਾਕੀ ਹੈ।
ਇਨ੍ਹਾਂ ਮੁਲਾਜ਼ਮਾਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ 'ਚ ਫਸਾਉਣ ਦਾ ਡਰਾਵਾ ਦੇ ਕੇ ਵੱਡੀ ਰਕਮ ਵਸੂਲੀ ਸੀ। ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨਾਰਕੋਟਿਕਸ ਕੰਟਰੋਲ ਸੈੱਲ 'ਚ ਤਾਇਨਾਤ ਸਨ।
ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ (Gaurav Yadav) ਨੇ ਦੱਸਿਆ ਸੀ ਕਿ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਤੇ ਐਚਸੀ ਜੋਗਿੰਦਰ ਦੀ ਅਗਵਾਈ 'ਚ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 20 ਜੁਲਾਈ 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਕਥਿਤ ਤੌਰ ‘ਤੇ 1 ਕਿਲੋ ਹੈਰੋਇਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਨਸ਼ਿਆਂ ਦਾ ਪਰਚਾ ਦਰਜ ਕਰਵਾਇਆ ਸੀ।
DGP ਮੁਤਾਬਿਕ ਇਕ ਵਿਅਕਤੀ ਨੇ ਉਸ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਲੱਖਾਂ ਰੁਪਏ ਦੀ ਕੀਤੀ ਹੇਰਾਫੇਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਸਾਰਾ ਮਾਮਲਾ ਰਚਿਆ ਸੀ ਤੇ ਦੋਵਾਂ ਵਿਅਕਤੀਆਂ ਨੂੰ ਗ਼ਲਤ ਤਰੀਕੇ ਨਾਲ ਫਸਾਉਣ ਦੀ ਨੀਅਤ ਨਾਲ ਉਨ੍ਹਾਂ ਤੋਂ ਪੈਸੇ ਹੜੱਪ ਲਏ ਸਨ।
ਉਨ੍ਹਾਂ ਕਿਹਾ ਕਿ ਜਦੋਂ ਵਿਸਥਾਰਤ ਪੁੱਛਗਿੱਛ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ਾਂ ਦੇ ਸਬੰਧ 'ਚ ਸਾਹਮਣੇ ਕੀਤਾ ਗਿਆ ਤਾਂ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਤੇ ਬਾਅਦ 'ਚ ਉਹ ਵੀ ਰਹੱਸਮਈ ਢੰਗ ਨਾਲ ਫਰਾਰ ਹੋ ਗਏ, ਜਿਸ ਨੇ ਸ਼ੱਕ ਨੂੰ ਹੋਰ ਵਧਾਇਆ।