ਗੁਰਦਾਸਪੁਰ : ਮੰਗਲਵਾਰ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦੇ ਬਾਹਰ ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਕਿਸਾਨ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾ ਦਿੱਤਾ ਤੇ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਬਜ਼ੁਰਗ ਦੀ ਲਾਸ਼ ਨਹੀਂ ਦਿੱਤੀ ਜਾ ਰਹੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਗਾਹਲੜੀ ’ਚ ਉਨ੍ਹਾਂ ਦੇ ਬਜ਼ੁਰਗ ਦਲੀਪ ਸਿੰਘ ਦਾ ਝਗੜਾ ਹੋਇਆ ਸੀ ਅਤੇ ਦੂਸਰੀ ਧਿਰ ਦੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਧੱਕਾ ਮਾਰ ਦਿੱਤਾ ਅਤੇ ਡਿੱਗਣ ਕਾਰਨ ਉਸ ਦੀ ਛਾਤੀ ’ਚ ਸੱਟ ਲੱਗ ਗਈ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਐਸ.ਐਮ.ਓ. ਤੋਂ ਲਾਸ਼ ਦੀ ਮੰਗ ਕੀਤੀ, ਜਿਸ ਤਹਿਤ ਪਹਿਲਾਂ ਤਾਂ ਐਸ.ਐਮ.ਓ. ਨੇ ਉਨ੍ਹਾਂ ਨੂੰ ਲਾਸ਼ ਦੇਣ ਲਈ ਚਿੱਠੀ ’ਤੇ ਸਾਈਨ ਕਰ ਦਿੱਤੇ ਪਰ ਬਾਅਦ ਵਿੱਚ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਐਸ.ਐਮ.ਓ. ਵੱਲੋਂ ਪੁਲਿਸ ਨਾਲ ਮਿਲ ਕੇ ਲਾਸ਼ ਨਹੀਂ ਦਿੱਤੀ ਜਾ ਰਹੀ। ਇਸ ਸਬੰਧੀ ਐਸ.ਐਮ.ਓ. ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਚਿੱਠੀ ’ਤੇ ਸਾਈਨ ਜ਼ਰੂਰ ਕੀਤੇ ਸਨ ਪਰ ਬਾਅਦ ’ਚ ਉਨ੍ਹਾਂ ਨੂੰ ਜਦ ਪਤਾ ਲੱਗਾ ਕਿ ਇਹ ਪੁਲਿਸ ਕੇਸ ਹੈ, ਜਿਸ ਕਰਕੇ ਉਨ੍ਹਾਂ ਨੇ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਇਹ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਜਾਵੇਗੀ।
ਇਸ ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਦਿਹਾਤੀ ਮੰਗਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ 2 ਧਿਰਾਂ ਦੌਰਾਨ ਝਗੜਾ ਹੋਣ ਕਰਕੇ ਉਨ੍ਹਾਂ ਦੇ ਬਜ਼ੁਰਗ ਨੂੰ ਸੱਟ ਲੱਗੀ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਿਸਾਂ ਨੇ ਧਰਨਾ ਚੁੱਕ ਲਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਿਸ ਕਾਨੂੰਨੀ ਕਾਰਵਾਈ ਕਰ ਰਹੀ ਹੈ।