ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੇ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨੀਤੀ ਅਨੁਸਾਰ ਪੈਰਾ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਸਬੰਧੀ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ। ਇਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ-2022 ਦੀ ਰਜਿਸਟ੍ਰੇਸ਼ਨ ਵੈੱਬਸਾਈਟ www.punjabkhedmela2022.in ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਤੇ ਆਫ ਲਾਈਨ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।