ਨੌਸ਼ਹਿਰਾ ਪੰਨੂੰਆਂ ਵਿਖੇ ਕੰਡਕਟਰ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ. ਨੂੰ ਨਿਰਦੇਸ਼
- ਸਕੱਤਰ ਟਰਾਂਸਪੋਰਟ ਨੂੰ ਰੋਡਵੇਜ਼ 'ਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਕਰਨ ਦੀ ਹਦਾਇਤ
- ਆਊਟਸੋਰਸਡ ਡਰਾਈਵਰ/ਕੰਡਕਟਰ ਦੀ ਮੌਤ 'ਤੇ ਵਾਰਸ ਨੂੰ ਨੌਕਰੀ ਦੇਣ 'ਤੇ ਵਿਚਾਰ ਕਰੇਗੀ ਸਰਕਾਰ
- ਵਿਅਸਤ ਰੂਟਾਂ 'ਤੇ ਬੱਸਾਂ ਨਿਰੰਤਰ ਚਲਾਉਣ ਦੇ ਨਿਰਦੇਸ਼
- ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਮੰਗਾਂ ਗਹੁ ਨਾਲ ਸੁਣੀਆਂ
ਚੰਡੀਗੜ੍ਹ, 21 ਸਤੰਬਰ 2022 - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਲਏ ਫ਼ੈਸਲੇ ਮੁਤਾਬਕ ਸਾਰੇ ਯੋਗ ਉਮੀਦਵਾਰਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸ. ਭੁੱਲਰ ਨੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਰੱਖੀ ਮੰਗ ਦੇ ਜਵਾਬ ਇਹ ਗੱਲ ਕਹੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਕਰੀਬ 9 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਨਿਰਦੇਸ਼ ਦਿੰਦਿਆਂ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਕਿਹਾ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ 'ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ 'ਤੇ ਵਾਰਸਾਂ ਨੂੰ ਆਉਟਸੋਰਸ ਆਧਾਰ 'ਤੇ ਨੌਕਰੀ ਦੇਣ 'ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ।
ਇਸ ਦੇ ਨਾਲ ਹੀ ਸ. ਭੁੱਲਰ ਨੇ ਕਿਹਾ ਕਿ ਆਊਟਸੋਰਸ ਕੰਟਰੈਕਟਰ ਅਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਊਟਸੋਰਸ ਕੰਟਰੈਕਟਰ ਨੂੰ ਮੁਲਾਜ਼ਮਾਂ ਨੂੰ ਈ.ਐਸ.ਆਈ. ਅਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ। ਡਰਾਈਵਰਾਂ ਤੇ ਕੰਡਕਟਰਾਂ ਦੀ ਇੱਕ ਹੋਰ ਮੰਗ ਮੰਨਦਿਆਂ ਟਰਾਂਸਪੋਰਟ ਮੰਤਰੀ ਨੇ ਲੰਮੇ ਰੂਟਾਂ 'ਤੇ ਜਾਂਦੇ ਮੁਲਾਜ਼ਮਾਂ ਲਈ ਰਾਤ ਦੇ ਠਹਿਰਾਅ ਲਈ ਮਿਹਨਤਾਨਾ ਵਧਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਮੁਲਾਜ਼ਮਾਂ ਵੱਲੋਂ ਗ਼ੈਰ-ਕਾਨੂੰਨੀ ਤੌਰ 'ਤੇ ਚਲ ਰਹੀਆਂ ਪ੍ਰਾਈਵੇਟ ਬੱਸਾਂ ਬਾਰੇ ਜਾਣਕਾਰੀ ਦੇਣ 'ਤੇ ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਸ ਕਾਰਵਾਈ ਨੂੰ ਠੱਲ੍ਹ ਪਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਦੀ ਜ਼ਿਆਦਾ ਆਮਦ ਵਾਲੇ ਵਿਅਸਤ ਰੂਟਾਂ 'ਤੇ ਬੱਸ ਸਰਵਿਸ ਕਦੇ ਵੀ ਬੰਦ ਨਾ ਕੀਤੀ ਜਾਵੇ ਅਤੇ ਬੱਸਾਂ ਦਾ ਨਿਰੰਤਰ ਚਲਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਰਹੇ।