ਮੁਹਾਲੀ : ਪੁਲਿਸ ਮੁਲਾਜ਼ਮ ਵੱਲੋਂ ਪੀਆਰਟੀਸੀ ਦੇ ਕੰਡਕਟਰ ਦੀ ਕੁੱਟਮਾਰ ਕਰਨ ਦਾ ਮਾਮਲਾ ਟਰਾਂਸਪੋਰਟ ਵਿਭਾਗ ਦੇ ਧਿਆਨ ਵਿੱਚ ਆਇਆ ਹੈ। ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਵਿਭਾਗ ਨਾਲ ਇੱਕ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨੌਸ਼ਹਿਰਾ ਪੰਨੂੰਆਂ ਵਿਖੇ ਅੱਜ ਸਵੇਰੇ ਪੀ.ਆਰ.ਟੀ.ਸੀ. ਦੇ ਕੰਡਕਟਰ ਹਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਨਿਰਦੇਸ਼ ਦਿੱਤੇ।
ਉਨ੍ਹਾਂ ਐਸ.ਐਸ.ਪੀ. ਨੂੰ ਸਬੂਤ ਦੇ ਤੌਰ 'ਤੇ ਕੁੱਟਮਾਰ ਦੀ ਵੀਡੀਉ ਵੀ ਭੇਜੀ ਜਿਸ ਵਿੱਚ ਪੁਲਿਸ ਮੁਲਾਜ਼ਮ ਸ਼ਰੇਆਮ ਕੰਡਕਟਰ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਿਰੁੱਧ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।