Saturday, January 18, 2025
 

ਪੰਜਾਬ

ਆਸਟਰੇਲੀਆਈ ਕੰਪਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

September 21, 2022 09:31 PM

ਆਸਟਰੇਲੀਆਈ ਕੰਪਨੀ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ, ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਪ੍ਰਾਸੈਸਿੰਗ ਵਿਗਿਆਨਕ ਢੰਗ ਨਾਲ ਕਰਨ ਲਈ ਪਲਾਂਟ ਸਥਾਪਤ ਕਰਨ ਵਾਸਤੇ ਦਿਖਾਈ ਡੂੰਘੀ ਦਿਲਚਸਪੀ

ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਿੱਚ ਬਦਲਣ ਦੀ ਸੰਭਾਵਨਾ ਦਾ ਪਤਾ ਲਗਾਉਣ ਦੇ ਨਿਰਦੇਸ਼

ਚੰਡੀਗੜ੍ਹ :

ਸੂਬੇ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਆਸਟਰੇਲੀਆਈ ਕੰਪਨੀ ਮੈਸ਼ਰਜ ਕੰਟੀਨਿਊਮ ਐਨਰਜੀ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਵਿਗਿਆਨਕ ਪ੍ਰਕਿਰਿਆ ਲਈ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਸਟਰੇਲੀਆਈ ਕੰਪਨੀ ਨਾਲ ਰਣਨੀਤਕ ਸਮਝੌਤੇ ਰਾਹੀਂ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਉੱਚ ਕੈਲੋਰੀਫਿਕ ਈਕੋ-ਫਿਊਲ ਵਿੱਚ ਤਬਦੀਲ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਕਿਹਾ। 

ਇਹ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਸਟਰੇਲੀਆਈ ਕੰਪਨੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨਾਲ ਵਿਗਿਆਨਕ ਢੰਗ ਨਾਲ ਨਜਿੱਠਣ ਲਈ ਠੋਸ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਆਸਟਰੇਲੀਆਈ ਕੰਪਨੀ ਨਾਲ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਿੱਚ ਤਬਦੀਲ ਕਰਨ ਸਬੰਧੀ ਪ੍ਰੋਜੈਕਟ ਦੇ ਵੇਰਵਿਆਂ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਈਕੋ ਫਿਊਲ ਨਾਲ ਪੈਦਾ ਹੋਣ ਵਾਲੇ ਪਦਾਰਥਾਂ ਦੀ ਜਾਂਚ ਕਰਨ ਲਈ ਵੀ ਆਖਿਆ ਤਾਂ ਜੋ ਇਸ ਤਕਨਾਲੋਜੀ ਦੇ ਭਾਰਤੀ ਸਥਿਤੀਆਂ ਅਨੁਸਾਰ ਟਿਕਾਊਪਣ ਅਤੇ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਈਕੋ-ਫਿਊਲ ਦੀ ਵਰਤੋਂ ਪਾਵਰ ਸਟੇਸ਼ਨਾਂ ਅਤੇ ਭੱਠਿਆਂ ਵਿੱਚ ਕੋਲੇ, ਭਾਰੀ ਈਂਧਣ, ਡੀਜ਼ਲ, ਗੈਸ ਅਤੇ ਹੋਰ ਉੱਚ ਕਾਰਬਨ/ਮਹਿੰਗੇ ਈਂਧਨ ਸਰੋਤਾਂ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਲੋਕਾਂ ਨੂੰ ਕਾਫ਼ੀ ਲਾਭ ਹੋ ਸਕਦਾ ਹੈ।

ਇਸ ਤੋਂ ਪਹਿਲਾਂ ਮੈਸਰਜ਼ ਕੰਟੀਨਿਊਮ ਐਨਰਜੀ, ਆਸਟ੍ਰੇਲੀਆ ਦੇ ਡਾਇਰੈਕਟਰ ਰਸਲ ਟੈਟਮ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਉੱਚ ਕੈਲੋਰੀਫਿਕ ਈਕੋ-ਫਿਊਲ ਵਿੱਚ ਬਦਲਣ ਦੀ ਪ੍ਰਕਿਰਿਆ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਕੰਪਨੀ ਨੇ ਸ਼ੁਰੂਆਤੀ ਤੌਰ 'ਤੇ 1000 ਟਨ ਪ੍ਰਤੀ ਦਿਨ ਤਾਜ਼ੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਬਦਲਣ ਲਈ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਪ੍ਰਗਟ ਕੀਤੀ। ਇਸ ਅਭਿਲਾਸ਼ੀ ਪ੍ਰੋਜੈਕਟ ਲਈ ਵਰਤੀ ਗਈ ਤਕਨਾਲੋਜੀ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚਿਆਂ ਦੇ ਅਨੁਸਾਰ ਹੈ।

 

Have something to say? Post your comment

Subscribe