Friday, November 22, 2024
 

ਚੰਡੀਗੜ੍ਹ / ਮੋਹਾਲੀ

ਵੱਡੀ ਖ਼ਬਰ! ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਜੁਲਾਈ 2015 ਤੋਂ ਮਿਲੇਗਾ 119 ਫ਼ੀਸਦੀ DA

January 13, 2023 07:41 AM

ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਖੁਸ਼ਖਬਰੀ ਮਿਲੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀੲੇ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਲਫ਼ਨਾਮਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਦਿੱਤਾ ਹੈ।

ਸੂਬੇ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ।

ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਅਤੇ ਸਬੰਧਤ ਧਿਰਾਂ ਨੂੰ ਲਾਭ ਦੇਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਦਿਆਂ ਪਟੀਸ਼ਨਰਾਂ ਦੇ ਵਕੀਲ ਅਮਰੀਕ ਸਿੰਘ ਨੇ ਦਾਅਵਾ ਕੀਤਾ ਕਿ ਹਰੇਕ ਮੁਲਾਜ਼ਮ ਨੂੰ ਇਕ ਹੋਰ ਪਟੀਸ਼ਨ ਰਾਹੀਂ ਲਾਭ ਦਿੱਤੇ ਜਾ ਚੁੱਕੇ ਹਨ।

ਜਸਟਿਸ ਖੇਤਰਪਾਲ ਦੇ ਬੈਂਚ ਅੱਗੇ ਪਿਛਲੀ ਤਰੀਕ ’ਤੇ ਪੇਸ਼ ਹੁੰਦਿਆਂ ਅਮਰੀਕ ਸਿੰਘ ਨੇ ਕਿਹਾ ਸੀ ਕਿ ਲਾਭ ਸਿਰਫ਼ ਉਨ੍ਹਾਂ ਪਟੀਸ਼ਨਰਾਂ ਤੱਕ ਸੀਮਤ ਰੱਖੇ ਗਏ ਸਨ ਜਿਸ ਕਾਰਨ ਹੋਰ ਮੁਲਾਜ਼ਮਾਂ ਨੂੰ ਰਾਹਤ ਲਈ ਹਾਈ ਕੋਰਟ ਦਾ ਕੁੰਡਾ ਖੜਕਾਉਣਾ ਪਿਆ ਹੈ। ਜਿਵੇਂ ਹੀ ਅੱਜ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰ ਕੇ ਕਪੂਰ ਨੇ ਕਬੂਲਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਦੇ ਹੱਕਦਾਰ ਹਨ।

ਜਸਟਿਸ ਖੇਤਰਪਾਲ ਨੇ ਉਸ ਦੇ ਬਿਆਨ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ ਕਿਉਂਕਿ ਹੋਰ ਮੁਲਾਜ਼ਮਾਂ (ਕੱਚੇ ਅਤੇ ਪੱਕੇ) ਨਾਲ ਕੋਈ ਧੱਕਾ ਨਹੀਂ ਕੀਤਾ ਜਾ ਸਕਦਾ ਹੈ।

 

Have something to say? Post your comment

Subscribe