ਅਜਨਾਲਾ : ਲਾਕਡਾਊਨ ਵਿਚ ਵੀ ਅਜੀਬ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜ਼ਿਆਦਾਤਰ ਸਾਰੇ ਜੀਆਂ ਦੇ ਲਗਾਤਾਰ ਘਰ ਵਿਚ ਰਹਿਣ ਕਾਰਨ ਘਰੇਲੂ ਕਲੇਸ਼ ਵੱਧੇ ਹਨ। ਅਜਨਾਲਾ ਕਸਬੇ ਲਾਗੇ ਪਿੰਡ ਹਰੜ ਖੁਰਦ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਘਰੇਲੂ ਕਲੇਸ਼ ਦੇ ਚੱਲਦੇ ਹੋਏ ਸਿਰ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਡੇਰਾ ਰੋਡ ਤੇ ਸਥਿਤ ਇੱਕ ਨਿੱਜੀ ਹਸਪਤਾਲ ਪਹੁੰਚੇ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਹਰੜ ਖੁਰਦ ਪਿੰਡ ਦੇ ਇੱਕ ਨੌਜਵਾਨ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ ਹੈ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਤਾਂ ਹਸਪਤਾਲ ਵਿੱਚ ਆ ਕੇ ਪਤਾ ਲੱਗਾ ਕਿ ਸ਼ਹਿਰ ਦੇ ਨਿੱਜੀ ਬੈਂਕ ਵਿੱਚ ਸੁਰੱਖਿਆ ਗਾਰਡ ਦੀ ਨੌਕਰੀ ਕਰਦਾ ਨੌਜਵਾਨ ਜਤਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਹਰੜ ਖੁਰਦ ਜਿਸ ਦਾ ਅੱਜ ਆਪਣੀ ਪਤਨੀ ਨਾਲ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ ਸੀ, ਜਿਸ ਕਾਰਨ ਹਸਪਤਾਲ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਪਰਚਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ।