ਮੁਹਾਲੀ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਅੱਜ ਉਸ ਸਮੇਂ ਹੋਰ ਵਧ ਗਈਆਂ, ਜਦੋਂ ਇਥੋਂ ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਵੀ ਕੋਰੀ ਨਾਂਹ ਕਰ ਦਿੱਤੀ। ਸੈਣੀ ਨੇ ਸ਼ੁੱਕਰਵਾਰ ਨੂੰ ਆਪਣੇ ਰਾਹੀਂ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਦਾ ਸਰਕਾਰੀ ਵਕੀਲ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਵਿਰੁੱਧ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਲਈ ਜ਼ਮਾਨਤ ਨਾ ਦਿੱਤੀ ਜਾਵੇ। ਪੀੜਤ ਪਰਿਵਾਰ ਦੇ ਵਕੀਲ ਵੀ ਅਦਾਲਤ ਵਿੱਚ ਹਾਜ਼ਰ ਸਨ। ਉਨ੍ਹਾਂ ਨੇ ਵੀ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਅਪੀਲ ਕਰਦਿਆਂ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਆਪਣਾ ਰੱਖਣ ਲਈ ਭਲਕੇ 9 ਮਈ ਲਈ ਨੋਟਿਸ ਜਾਰੀ ਕੀਤਾ ਗਿਆ। ਫਿਲਹਾਲ ਸੈਣੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।