ਲੁਧਿਆਣਾ : ਰਾਤ ਦੇ ਵਕਤ ਮੋਟਰਸਾਈਕਲ ਤੇ ਸਵਾਰ ਹੋ ਕੇ ਮਹਾਨਗਰ ਦੇ ਵੱਖ ਵੱਖ ਇਲਾਕਿਆਂ ਚੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕ੍ਰਾਈਮ ਬ੍ਰਾਂਚ 3 ਦੀ ਟੀਮ ਨੇ ਕਾਬੂ ਕੀਤਾ ਹੈ । ਪੁਲਿਸ ਦੇ ਮੁਤਾਬਕ ਕਾਬੂ ਕੀਤੇ ਕਥਿਤ ਮੁਲਜ਼ਮਾਂ ਦੀ ਸ਼ਨਾਖਤ ਮੁਹੱਲਾ ਨਾਨਕਸਰ ਸ਼ਿਮਲਾਪੁਰੀ ਦੇ ਵਾਸੀ ਜਸਵੀਰ ਸਿੰਘ ਉਰਫ਼ ਜੱਸੀ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਿਮਲਾਪੁਰੀ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ ਸਾਬਾ ਵਜੋਂ ਹੋਈ ਹੈ । ਪੁਲਿਸ ਮੁਤਾਬਕ ਮੁਲਜ਼ਮ ਪਿਛਲੇ ਤਿੰਨ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ ਜਾਣਕਾਰੀ ਦਿੰਦਿਆਂ ਕ੍ਰਾਇਮ ਬ੍ਰਾਂਚ ਦੇ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਈਸਟਮੈਨ ਚੌਕ ਵਿੱਚ ਨਾਕਾਬੰਦੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਅਲੱਗ ਅਲੱਗ ਥਾਵਾਂ ਤੋਂ ਲੁੱਟੇ ਗਏ ਦੋ ਲਾਕੇਟ , 6 ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ । ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਢੰਡਾਰੀ ਡਾਬਾ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ । ਪੁਲਿਸ ਦੇ ਮੁਤਾਬਕ ਮੁਲਜ਼ਮ ਰਾਤ ਵੇਲੇ ਮੋਟਰਸਾਈਕਲ ਤੇ ਸਵਾਰ ਹੋ ਕੇ ਸੜਕਾਂ ਤੇ ਉੱਤਰਦੇ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਉਨ•ਾਂ ਕੋਲੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਲੁੱਟ ਲੈਂਦੇ । ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੇ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਖਿਲਾਫ ਸਾਲ 2017 ਅਤੇ ਸਾਲ 2018 ਵਿੱਚ ਥਾਣਾ ਸ਼ਿਮਲਾਪੁਰੀ ਅਤੇ ਥਾਣਾ ਮਾਡਲ ਟਾਊਨ ਵਿੱਚ ਦੋ ਮੁਕੱਦਮੇ ਦਰਜ ਹਨ । ਪੁਲਿਸ ਦੇ ਮੁਤਾਬਕ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ•ਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ।