ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਮੇਂ ਕੋਰੋਨਾ ਵਾਇਰਸ ਤੋਂ ਪੀੜਤ ਕੋਈ ਵੀ ਐਕਟਿਵ ਕੇਸ ਨਹੀਂ ਹੈ ਅਤੇ ਕੋਵਿਡ-19 ਪਾਜ਼ੇਟਿਵ ਪਾਏ ਗਏ ਜ਼ਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਸਿਆ ਕਿ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ 19 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ 'ਤੇ ਅੱਜ ਉਨ੍ਹਾਂ ਨੂੰ ਘਰਾਂ ਨੂੰ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਕੋਰੋਨਾ ਮੁਕਤ ਹੋਏ ਸਾਰੇ ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਅਪਣੀਆਂ ਸ਼ੁਭ-ਕਾਮਨਾਵਾਂ ਦਿਤੀਆਂ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਸਾਰੇ ਮਰੀਜ਼ ਸਿਹਤਯਾਬ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿਚ 7 ਦਿਨ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਇਸ ਮੌਕੇ ਉਨ੍ਹਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿਤੀ।