ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਦੀ ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣੀ ਸੀ ਪਰ ਫਿਲਹਾਲ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਦਰਅਸਲ ਫਿਲਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੰਗਣਾ ਨੇ ‘ਐਮਰਜੈਂਸੀ’ ਵਿੱਚ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਦਿਖਾਇਆ ਹੈ।
ਇੰਨਾ ਹੀ ਨਹੀਂ ਫਿਲਮ 'ਤੇ ਇਤਿਹਾਸਕ ਘਟਨਾਵਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਵੀ ਦੋਸ਼ ਹੈ। ਇਨ੍ਹਾਂ ਵਿਵਾਦਾਂ ਕਾਰਨ ਫਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਇਸ ਦੌਰਾਨ ਨਿਰਮਾਤਾਵਾਂ ਨੇ 'ਐਮਰਜੈਂਸੀ' ਨੂੰ ਰਿਲੀਜ਼ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਨੇ ਮੰਗਲਵਾਰ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ। ਉਨ੍ਹਾਂ ਨੇ ਇਕ ਪਟੀਸ਼ਨ ਦਾਇਰ ਕਰ ਕੇ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਸਰਟੀਫਿਕੇਟ ਜਾਰੀ ਕਰਨ ਲਈ ਸੈਂਟਰਲ ਬੋਰਡ ਆਫ ਸਰਟੀਫਿਕੇਸ਼ਨ (ਸੀਬੀਐਫਸੀ) ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।
ਅਦਾਲਤ ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਬੁੱਧਵਾਰ ਨੂੰ ਕਰਨ ਲਈ ਤਿਆਰ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਦੀ ਨਿਰਦੇਸ਼ਿਤ ਫਿਲਮ 'ਐਮਰਜੈਂਸੀ' ਦੇ ਨਿਰਮਾਤਾ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਹਨ। ਮੀਡੀਆ ਰਿਪੋਰਟਾਂ ਮੁਤਾਬਕ ਬੰਬੇ ਹਾਈ ਕੋਰਟ 'ਚ ਦਾਇਰ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਸੀਬੀਐੱਫਸੀ ਨੇ ਗੈਰ-ਕਾਨੂੰਨੀ ਅਤੇ ਮਨਮਾਨੇ ਢੰਗ ਨਾਲ ਫਿਲਮ 'ਐਮਰਜੈਂਸੀ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਕ ਵਕੀਲ ਦੇ ਅਨੁਸਾਰ, ਪਟੀਸ਼ਨ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੈਂਸਰ ਬੋਰਡ ਨੇ ਪਹਿਲਾਂ ਹੀ ਫਿਲਮ ਲਈ ਸਰਟੀਫਿਕੇਟ ਜਾਰੀ ਕਰ ਦਿੱਤਾ ਸੀ, ਪਰ ਬਾਅਦ ਵਿਚ ਵਿਵਾਦ ਦੇ ਮੱਦੇਨਜ਼ਰ ਇਸ ਨੂੰ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਜ਼ੀ ਐਂਟਰਟੇਨਮੈਂਟ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਜਸਟਿਸ ਫਿਰਦੌਸ ਪੂਨੀਵਾਲਾ ਦੀ ਡਿਵੀਜ਼ਨ ਬੈਂਚ ਤੋਂ ਮਾਮਲੇ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।