ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ 'ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ 18 ਅਕਤੂਬਰ ਨੂੰ ਵਿਆਹ ਹੋਣਾ ਸੀ, ਜਿਸ ਲਈ ਪਰਿਵਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਪਰ ਅਮਰੀਕੀ ਪੁਲਿਸ ਨੇ ਪਰਿਵਾਰ ਨੂੰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਗੁਰਜੀਤ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਮ੍ਰਿਤਕ ਵੀ ਪੰਜਾਬ ਪਰਤਣ ਵਾਲਾ ਸੀ। ਜਿਸ ਲਈ ਉਸ ਨੇ ਆਪਣਾ ਸਮਾਨ ਪੈਕ ਕਰ ਲਿਆ ਸੀ ਅਤੇ ਪੰਜਾਬ ਲਈ ਫਲਾਈਟ 'ਚ ਸਵਾਰ ਹੋਣ ਦੀ ਤਿਆਰੀ ਕਰ ਰਿਹਾ ਸੀ। ਪਰ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ। ਗੁਰਜੀਤ ਦੀ ਲਾਸ਼ ਕੈਲੀਫੋਰਨੀਆ ਦੇ ਇੱਕ ਪੁਲ ਦੇ ਹੇਠਾਂ ਤੋਂ ਬਰਾਮਦ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਗੁਰਜੀਤ ਦਾ ਹਰਿਆਣਾ ਦੇ ਇੱਕ ਨੌਜਵਾਨ ਨਾਲ ਅਮਰੀਕਾ ਵਿੱਚ ਕੇਸ ਚੱਲ ਰਿਹਾ ਸੀ। ਪਰਿਵਾਰ ਵਾਲਿਆਂ ਨੇ ਉਸ 'ਤੇ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਵਾਰਸਾਂ ਨੇ ਉਸ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਦੇ ਚਾਚੇ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ ਅਤੇ 6 ਮਹੀਨੇ ਪਹਿਲਾਂ ਹੀ ਪੰਜਾਬ ਤੋਂ ਚਲਾ ਗਿਆ ਸੀ ਅਤੇ ਹੁਣ ਉਸ ਦਾ ਵਿਆਹ ਹੋਣ ਕਾਰਨ ਉਸ ਨੂੰ ਪੰਜਾਬ ਆਉਣਾ ਪਿਆ। ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।