ਪਾਕਿਸਤਾਨੀ ਅੱਤਵਾਦੀਆਂ ਨੇ ਇੱਕ ਵਾਰ ਫਿਰ ਹਮਲਾ ਕੀਤਾ ਹੈ। ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਸੁਰੰਗ 'ਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ। ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ 'ਚ 6 ਕਰਮਚਾਰੀਆਂ ਅਤੇ ਇਕ ਡਾਕਟਰ ਦੀ ਹੱਤਿਆ ਕਰ ਦਿੱਤੀ। ਇਹ ਹਮਲਾ ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਸੁਰੰਗ ਬਣਾਉਣ ਵਾਲੀ ਇੱਕ ਨਿੱਜੀ ਕੰਪਨੀ ਦੇ ਕੈਂਪ ਉੱਤੇ ਹੋਇਆ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਰਾਤ ਕਰੀਬ 8.15 ਵਜੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਘਟਨਾ ਦੇ ਸਮੇਂ ਮਜ਼ਦੂਰ ਖਾਣਾ ਖਾਣ ਲਈ ਮੈੱਸ ਨੇੜੇ ਪਹੁੰਚੇ ਹੋਏ ਸਨ। ਇਹ ਕੈਂਪ ਸੰਘਣੇ ਜੰਗਲਾਂ ਦੇ ਵਿਚਕਾਰ ਸੀ । ਅੱਤਵਾਦੀ ਹਮਲੇ ਤੋਂ ਬਾਅਦ ਹਸਪਤਾਲ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।