ਯੂਪੀ, ਰਾਜਸਥਾਨ ਅਤੇ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਦਿੱਲੀ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਸਿਫਰ ਤੋਂ ਹੇਠਾਂ ਰਿਹਾ, ਜਿਸ ਕਾਰਨ ਠੰਡ ਵਧ ਗਈ ਹੈ। ਸ੍ਰੀਨਗਰ ਵਿੱਚ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਲਮਰਗ ਅਤੇ ਪਹਿਲਗਾਮ ਵਿੱਚ ਸੈਰ ਸਪਾਟਾ ਤੇਜ਼ੀ ਨਾਲ ਘਟਿਆ ਹੈ। ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਤੀਜੀ ਰਾਤ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ 'ਚ ਖਾਸ ਕਰਕੇ ਕਸ਼ਮੀਰ ਦੇ ਉੱਚੇ ਇਲਾਕਿਆਂ 'ਚ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਭਲਕੇ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਯੂਪੀ ਸਮੇਤ ਕੁਝ ਰਾਜਾਂ ਵਿੱਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ 'ਚ ਵੀ ਸ਼ਨੀਵਾਰ ਨੂੰ ਉੱਚੀਆਂ ਚੋਟੀਆਂ 'ਤੇ ਇਕ-ਦੋ ਥਾਵਾਂ 'ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੰਡੀ, ਬਿਲਾਸਪੁਰ ਅਤੇ ਊਨਾ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।