ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਭਰਾ ਵਲੋਂ ਆਪਣੇ ਹੀ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ.ਐੱਚ.ਓ. ਕਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਕਾਬਲ ਸਿੰਘ ਵਲੋਂ ਆਪਣੇ ਸਕੇ ਭਰਾ ਬਲਵੰਤ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਅਕਸਰ ਲੜਾਈ ਝਗੜਾ ਰਹਿੰਦਾ ਸੀ। ਘਟਨਾ ਵਾਲੇ ਦਿਨ ਬਲਦੇਵ ਸਿੰਘ ਨੇ ਖੇਤਾਂ 'ਚ ਵੱਟ ਪਾ ਦਿੱਤਾ, ਜਿਸ ਦਾ ਬਲਵੰਤ ਸਿੰਘ ਤੇ ਉਸ ਦੇ ਸਪੁੱਤਰ ਨੇ ਵਿਰੋਧ ਕੀਤਾ ਅਤੇ ਇਸ ਤੋਂ ਬਾਅਦ ਦੋਹਾਂ 'ਚ ਝਗੜਾ ਹੋ ਗਿਆ। ਇਸ ਦੌਰਾਨ ਬਲਦੇਵ ਸਿੰਘ ਅਤੇ ਉਸ ਦੇ ਪੁੱਤਰ ਬਲਵੰਤ ਸਿੰਘ ਨਾਲ ਹੱਥੋਪਾਈ ਕੀਤੀ, ਜਿਸ 'ਚ ਬਲਵੰਤ ਸਿੰਘ ਜ਼ਖਮੀ ਹੋ ਗਿਆ, ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਨੇ ਬਲਦੇਵ ਸਿੰਘ ਅਤੇ ਉਸ ਦੇ ਸਪੁੱਤਰ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।