ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਬੀਜ ਘੁਟਾਲੇ 'ਤੇ ਸੀ.ਬੀ. ਆਈ. ਜਾਂਚ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ 'ਚ ਹਰਸਿਮਰਤ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੰਤਰੀਆਂ ਦੀ ਸ਼ਹਿ ਕਰਕੇ ਪੁਲਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ (food prosessing minister Harsimrat Kaur Badal) ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਬੀਜ ਘੁਟਾਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਇੱਕ ਕੇਂਦਰੀ ਟੀਮ ਪੰਜਾਬ ਭੇਜਣ ਅਤੇ
ਇਸ ਤੋਂ ਇਲਾਵਾ ਲੁੱਟੇ ਗਏ ਕਿਸਾਨਾਂ ਨੂੰ ਬਚਾਉਣ ਲਈ ਢੁਕਵੀਂ ਕਾਰਵਾਈ ਦੀ ਸਿਫਾਰਸ਼ ਕਰਨ। ਉਨ੍ਹਾਂ ਕਿਹਾ ਕਿ 70 ਰੁਪਏ ਕਿਲੋ ਵਿਕਣ ਵਾਲਾ ਝੋਨੇ ਦਾ ਬੀਜ ਖੇਤੀਬਾੜੀ ਯੂਨੀਵਰਸਿਟੀ ਦੀ ਮਨਜ਼ੂਰੀ ਤੋਂ ਬਿਨਾਂ 200 ਰੁਪਏ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਵੇਚਿਆ ਗਿਆ। ਵੱਡਾ ਸਵਾਲ ਇਹ ਵੀ ਹੈ ਕਿ ਬੀਜ ਸਪਲਾਈ ਦਾ ਇਹ ਧੰਦਾ ਦੇਸ਼ ਦੇ ਦੂਜੇ ਰਾਜਾਂ ਵਿੱਚ ਵੀ ਫੈਲਿਆ ਹੋ ਸਕਦਾ ਹੈ।
ਇਸ ਲਈ ਹਰਸਿਮਰਤ ਨੇ ਕਿਹਾ ਕਿ ਕਿਸਾਨਾਂ ਨੂੰ ਬਚਾਉਣ ਲਈ ਉੱਚ ਪੱਧਰੀ ਜਾਂਚ ਬਹੁਤ ਮਹੱਤਵਪੂਰਨ ਹੈ, ਇਸ ਲਈ ਤੱਥਾਂ ਦੀ ਪੜਤਾਲ ਕਰਨ ਲਈ ਇੱਕ ਟੀਮ ਪੰਜਾਬ ਭੇਜੀ ਜਾਣੀ ਚਾਹੀਦੀ ਹੈ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦਿੱਤੀ ਜਾਣੀ ਚਾਹੀਦੀ ਹੈ।