‘ਯੁੱਧ ਨਸ਼ਿਆਂ ਵਿਰੁੱਧ’-ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ, ਧਾਰਮਿਕ, ਖੇਡ ਸੰਸਥਾਵਾਂ ਨੂੰ ਨਸ਼ਿਆਂ ਖਿਲਾਫ਼ ਅੱਗੇ ਆਉਣ ਦੀ ਦੀ ਅਪੀਲ
ਕਿਹਾ ਪ੍ਰਸ਼ਾਸਨ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਕਰੇਗਾ ਹਰ ਸੰਭਵ ਸਹਾਇਤਾ ਤੇ ਸਹਿਯੋਗ
ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਅਧਿਕਾਰੀਆਂ ਨੂੰ ਉਪਰਾਲੇ ਤੇਜ਼ ਕਰਨ ਦੀ ਹਦਾਇਤ
ਹੁਸ਼ਿਆਰਪੁਰ, 3 ਮਾਰਚ : ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਅਸਰਦਾਰ ਢੰਗ ਨਾਲ ਠੱਲ੍ਹ ਪਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੋਮਵਾਰ ਨੂੰ ਸਮਾਜਿਕ, ਧਾਰਮਿਕ, ਵਿੱਦਿਅਕ, ਖੇਡ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਸ਼ਾਸਨ ਦਾ ਸਾਥ ਦੇਣ ਦਾ ਸੱਦਾ ਦਿੱਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੈ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਸ਼ਿਆਂ ਨਾਲ ਨਜਿੱਠਣ ਲਈ ਉਪਰਾਲੇ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਪੂਰਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ 'ਤੇ ਸਾਰੇ ਲੋੜੀਂਦੇ ਪ੍ਰਬੰਧ ਅਤੇ ਸਹੂਲਤਾਂ ਉਪਲਬਧ ਹਨ। ਆਸ਼ਿਕਾ ਜੈਨ ਨੇ ਕਿਹਾ ਕਿ ਮਾਹਿਰ ਡਾਕਟਰਾਂ, ਕਾਊਂਸਲਰਾਂ ਅਤੇ ਲਗਾਤਾਰ ਦਵਾਈਆਂ ਦੀ ਮਦਦ ਨਾਲ ਨਸ਼ਾ ਪ੍ਰਭਾਵਿਤ ਵਿਅਕਤੀ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦੇ ਜੰਜਾਲ ਵਿੱਚ ਫਸੇ ਲੋਕਾਂ ਦੇ ਸਵੈ-ਰੋਜ਼ਗਾਰ ਸਥਾਪਤੀ ਲਈ ਕਈ ਉਸਾਰੂ ਸਰਗਰਮੀਆਂ ਦਾ ਪ੍ਰਬੰਧ ਹੈ।
ਸਬੰਧਤ ਵਿਭਾਗਾਂ ਵਿੱਚ ਆਪਸੀ ਤਾਲਮੇਲ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਉਦੇਸ਼ ਇਸ ਸਮਾਜਿਕ ਬੁਰਾਈ ਤੋਂ ਛੁਟਕਾਰਾ ਪਾਉਣਾ ਹੈ, ਜਿਸ ਵਿੱਚ ਸਿੱਖਿਆ ਅਤੇ ਜਾਗਰੂਕਤਾ ਗਤੀਵਿਧੀਆਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੀਆਂ ਟੀਮਾਂ ਨੂੰ ਸਾਰੇ ਭਾਈਵਾਲ਼ਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਖਾਸ ਕਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਉਣੀ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਰੋਕਥਾਮ ਯੋਜਨਾਵਾਂ ਅਤੇ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਜ਼ਿਲ੍ਹੇ ‘ਚ ਚੱਲ ਰਹੇ 20 ਨਸ਼ਾ ਛੁਡਾਊ ਕੇਂਦਰਾਂ, 60 ਬਿਸਤਰਿਆਂ ਵਾਲੇ ਮੁੜ ਵਸੇਬਾ ਕੇਂਦਰ, 15 ਓਟ ਕਲੀਨਿਕਾਂ ਵਿਖੇ ਭਵਿੱਖ ਦੀਆਂ ਲੋੜਾਂ ਅਤੇ ਮੌਜੂਦਾ ਬੁਨਿਆਦੀ ਢਾਂਚੇ ਤੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।
ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਪੁਲਿਸ ਅਧਿਕਾਰੀਆਂ ਨੂੰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧֹ’ ਮੁਹਿੰਮ ਤਹਿਤ ਸਖ਼ਤ ਕਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਪੁਲਿਸ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।