ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਵੱਲੋਂ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ
- ਮਰੀਜ਼ਾਂ ਨੂੰ ਕੇਂਦਰ ’ਚ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
- ਸਿਹਤ ਅਧਿਕਾਰੀਆਂ ਨੂੰ ਨਸ਼ੇ ’ਤੇ ਨਿਰਭਰ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਕਿਹਾ
- ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ֹ’ਚ ਸ਼ਾਮਲ ਕਰਨ ਦੀ ਵਚਨਬੱਧਤਾ ਦਹੁਰਾਈ
ਜਲੰਧਰ, 5 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਥੇ ਆਉਣ ਵਾਲੇ ਮਰੀਜ਼ਾਂ ਦੀ ਢੁੱਕਵੀਂ ਦੇਖ-ਭਾਲ, ਕਾਊਂਸਲਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੇ ਉਪਰਾਲੇ ਵੀ ਕੀਤੇ ਜਾਣ ਤਾਂ ਜੋ ਉਹ ਨਸ਼ਿਆਂ ਦੀ ਆਦਤ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾ ਸਕਣ।
30 ਬਿਸਤਰਿਆਂ ਵਾਲੇ ਇਸ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਮੌਜੂਦਾ ਸਮੇਂ 11 ਮਰੀਜ਼ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ, ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਾ. ਅਗਰਵਾਲ ਨੇ ਮਰੀਜ਼ਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਦਾ ਭਰੋਸਾ ਵੀ ਦਿਵਾਇਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਡਾ. ਅਗਰਵਾਲ ਨੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ’ਤੇ ਨਿਰਭਰ ਵਿਅਕਤੀਆਂ ਲਈ ਚਲਾਏ ਜਾਂਦੇ ਇਲੈਕਟ੍ਰੀਸ਼ਨ ਦੇ ਕੋਰਸ, ਫੁਟਬਾਲ ਸਿਲਾਈ ਸਮੇਤ ਹੋਰ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਇਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ’ਤੇ ਵੀ ਜ਼ੋਰ ਦਿੱਤਾ।
ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਕੇਂਦਰ ਵਿਖੇ ਸਥਾਪਤ ਓਟ ਸੈਂਟਰ ਦਾ ਦੌਰਾ ਵੀ ਕੀਤਾ ਗਿਆ, ਜਿਥੇ ਸਟਾਫ਼ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਇਥੇ ਰੋਜ਼ਾਨਾ 700-800 ਵਿਅਕਤੀਆਂ ਨੂੰ ਦਵਾਈ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਸਾਫ-ਸਫਾਈ ਦਾ ਵੀ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।
ਇਸ ਮੌਕੇ ਡਾ. ਰਮਨ ਗੁਪਤਾ, ਡਾ. ਅਭੈਰਾਜ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।