ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਸਾਹ ਕਰਕੇ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਸਿੰਘ ਭੁੱਲਰ
ਲਾਲਜੀਤ ਸਿੰਘ ਭੁੱਲਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰੇ: ਕੈਬਨਿਟ ਮੰਤਰੀ
ਮਾਨਸਾ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਕਾਰਵਾਈ ਨੂੰ ਹੋਰ ਮੁਸ਼ਤੈਦੀ ਨਾਲ ਚਲਾਵੇ: ਭੁੱਲਰ
ਚੰਡੀਗੜ੍ਹ/ ਮਾਨਸਾ:7 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਵਲੋ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਕਮੇਟੀ ਦੇ ਮੈਂਬਰ ਸ.ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਇਥੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਤੇ ਕੀਤੀ ਕਾਰਵਾਈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ, ਮੁੜ ਵਸੇਬੇ ਸਬੰਧੀ ਜਾਣਕਾਰੀ ਲਈ ਗਈ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ। ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਬੰਦ ਕਰਕੇ ਆਤਮ ਸਮਰਪਨ ਕਰ ਦੇਣ। ਆਮ ਲੋਕਾਂ ਨੂੰ ਇਸ ਮੁਹਿੰਮ ਦਾ ਖੁੱਲ੍ਹ ਕੇ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮਾਜ ਵਿਰੋਧੀ ਅਜਿਹੇ ਅਨਸਰਾਂ ਸਬੰਧੀ ਬਿਨ੍ਹਾਂ ਕਿਸੇ ਦੇਰੀ ਦੇ ਸਾਹਮਣੇ ਆ ਕੇ ਸ਼ਿਕਾਇਤ ਕਰਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ, ਸਰੀਰਕ ਗਤੀਵਿਧੀਆਂ, ਸੱਭਿਆਚਾਰ ਆਦਿ ਨਾਲ ਜੋੜਿਆ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿ ਕਿ ਉਹ ਆਪਣਾ ਜੀਵਨ ਤੰਦਰੁਸਤ ਜਿਉਣ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾਖੋਰੀ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੇ ਸਹੀ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਜ ਦੇ ਨਾਲ ਨਾਲ ਉਨ੍ਹਾਂ ਨੂੰ ਰੋਜਗਾਰ ਦੇ ਮੌਕੇ ਦਵਾਉਣ ਲਈ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਸਿਖਲਾਈ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਿੰਨ੍ਹਾ ਲੋਕਾਂ ਨੇ ਨਸ਼ਾ ਵੇਚ ਕੇ ਗੈਰ ਕਾਨੂੰਨੀ ਤਰੀਕੇ ਨਾਲ ਘਰ ਜਾਂ ਹੋਰ ਜਾਇਦਾਦ ਬਣਾਈ ਹੈ, ਉਨ੍ਹਾਂ ਦੇ ਘਰ ਢਾਹੇ ਜਾਣਗੇ ਅਤੇ ਉਨ੍ਹਾਂ ਤੇ ਐਫ.ਆਰ.ਆਈ ਤੋਂ ਬਿਨਾਂ ਉਨ੍ਹਾਂ ਦੀ ਬਾਕੀ ਜਾਇਦਾਦ ਵੀ ਕਾਨੂੰਨ ਅਨੁਸਾਰ ਜਬਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਫਸਰ ਜਾਂ ਮੁਲਾਜਮ ਵੀ ਇਨ੍ਹਾਂ ਨਸ਼ਾ ਤਸਕਰਾਂ ਦੀ ਮਦਦ ਕਰਨਗੇ ਜਾਂ ਉਨ੍ਹਾਂ ਨੂੰ ਪਨਾਹ ਦੇਣਗੇ, ਉਨ੍ਹਾਂ ਤੇ ਵੀ ਵੱਡਾ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲਿਆ ਸੀ, ਉਹ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਮਾਜਿਕ ਲਹਿਰ ਉਸਾਰਨ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਜਦੋਂ ਤੱਕ ਨਸ਼ੇ ਦੇ ਤਸਕਰਾਂ ਤੇ ਨਸ਼ਿਆਂ ਨੂੰ ਰਾਜ ਵਿੱਚੋਂ ਖਤਮ ਨਹੀਂ ਕੀਤਾ ਜਾਂਦਾ ਪੰਜਾਬ ਸਰਕਾਰ ਚੈਨ ਨਾਲ ਨਹੀਂ ਬੈਠੇਗੀ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਕਬਾੜੀਆਂ ਨੂੰ ਹਦਾਇਤ ਜਾਰੀ ਕਰਨ ਕਿ ਜੇਕਰ ਉਨ੍ਹਾਂ ਨੇ ਕਿਸੇ ਨਸਈ ਤੋਂ ਚੋਰਾਂ ਤੋਂ ਜੇਕਰ ਕੋਈ ਚੀਜ਼ ਖਰੀਦੀ ਤਾਂ ਉਨ੍ਹਾਂ ਖ਼ਿਲਾਫ਼ ਵੀ ਚੋਰੀ ਦੀ ਕਾਰਵਾਈ ਵਿਚ ਸ਼ਾਮਿਲ ਹੋਣ ਦੇ ਦੋਸ਼ ਅਧੀਨ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦਾ ਖਾਤਮਾ ਕਰਕੇ ਹੀ ਸਾਹ ਲਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਵੀ ਹੁਕਮ ਦਿੱਤਾ ਕਿ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਕਾਰਵਾਈ ਨੂੰ ਹੋਰ ਮੁਸਤੈਦੀ ਨਾਲ ਚਲਾਇਆ ਜਾਵੇ।
ਸ੍ਰ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਸ਼ੇਰ ਹੈ ਜਿਸ ਅੱਗੇ ਕੋਈ ਟਿਕ ਨਹੀਂ ਸਕਦਾ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਤਾਂ ਜੋ ਜਿਵੇਂ ਪੰਜਾਬ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਖਾੜਕੂਵਾਦ ਨੂੰ ਖਤਮ ਕੀਤਾ ਸੀ ਉਸੇ ਤਰ੍ਹਾਂ ਨਸ਼ੇ ਦੇ ਇਸ ਵਪਾਰ ਨੂੰ ਵੀ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਨਸ਼ਾ ਤਸਕਰ ਲੋਕਾਂ ਦੇ ਘਰ ਉਜਾੜ ਕੇ ਪੈਸਾ ਕਮਾ ਰਹੇ ਹਨ ਉਸ ਦਾ ਉਹ ਲੰਮਾ ਸਮਾਂ ਸੁੱਖ ਨਹੀਂ ਮਾਣ ਸਕਣਗੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਾਮ ਸਭਾਵਾਂ ਬੁਲਾ ਕੇ ਮਤਾ ਪਾਸ ਕਰਨ ਕਿ ਜੋ ਕੋਈ ਵੀ ਨਸ਼ਾ ਤਸਕਰ ਦੀ ਜ਼ਮਾਨਤ ਜਾਂ ਉਸ ਦੀ ਕੋਈ ਮਦਦ ਕਰੇਗਾ ਤਾਂ ਉਸ ਦਾ ਹੁੱਕਾ ਪਾਣੀ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੀ ਭਗਵੰਤ ਸਿੰਘ ਮਾਨ ਸਰਕਾਰ ਦੇ ਇਸ ਫੈਸਲੇ ਦੀ ਪੂਰਜੋਰ ਸ਼ਲਾਘਾ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਨੂੰ ਵੀ ਵਧਾਈਆਂ ਦੇ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਕਿ ਜਿੰਨ੍ਹਾਂ ਗਲਤ ਅਨਸਰਾਂ ਵੱਲੋਂ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਕੇ ਘਰ ਬਣਾਏ ਗਏ ਹਨ ਉਨ੍ਹਾਂ ਸਬੰਧੀ ਜਲਦ ਤੋਂ ਜਲਦ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਇੰਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਸਕੇ। ਉਨ੍ਹਾ ਹੁਕਮ ਦਿੱਤਾ ਕਿ ਜੇਕਰ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਨਸ਼ੇ ਤਸਕਰ ਵੱਲੋਂ ਬਣਾਈ ਗਈ ਜਾਇਜਾਦ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗੀ ਗਈ ਹੋਵੇ ਤਾਂ ਉਹ ਵੀ 24 ਘੰਟੇ ਵਿਚ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਿਧਾਇਕ ਸ਼੍ਰੀ ਵਿਜੇ ਸਿੰਗਲਾ, ਸ਼੍ਰੀ ਬੁਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਵਿਸ਼ਵਾਸ਼ ਦਵਾਇਆ ਕਿ ਜਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਨਸ਼ਾ ਤਸਕਰਾਂ ਖਿਲਾਫ ਜੰਗ ਨੂੰ ਅੰਤਿਮ ਅੰਜਾਮ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਲਹਿਰ ਵਿੱਚ ਵਿਦਿਅਕ ਸੰਸਥਾਵਾਂ, ਸਮਾਜ ਸੈਵੀ ਸੰਗਠਨਾਂ ਅਤੇ ਆਮ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਇਸ ਸਮਾਜਿਕ ਅਲਾਮਤ ਨੂੰ ਦੂਰ ਕੀਤਾ ਜਾਵੇਗਾ।
ਰੀਵਿਊ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਸ. ਕੁਲਵੰਤ ਸਿੰਘ ਆਈ.ਏ.ਐਸ. ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 160 ਪੰਚਾਇਤਾਂ ਵਲੋਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਮਤੇ ਪਾਸ ਕਰ ਦਿੱਤੇ ਹਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਨੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਦਸਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਬਹੁਤ ਤੇਜ ਕਰ ਦਿੱਤਾ ਗਿਆ ਹੈ ਜਿਸ ਦੇ ਸਿੱਟੇ ਵਜੋਂ ਜਿੱਥੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ, ਡਰੱਗ ਮਨੀ ਦੀ ਰੀਕਵਰੀ ਵਿਚ ਵਾਧਾ ਹੋਇਆ ਹੈ ਉਥੇ ਨਾਲ ਅਤੇ ਨਸ਼ਾ ਤਸਕਰਾਂ ਦੀ ਗ੍ਰਿਫਤਾਰੀਆਂ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕੈਬਨਿਟ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਹਾਸਲ ਕਰਨ ਲਈ ਹੋਰ ਮੁਸਤੈਦੀ ਨਾਲ ਕੰਮ ਕਰਨਗੇ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵੱਲੋਂ ਨਸ਼ੇ ਦੇ ਆਦੀ ਲੋਕਾਂ ਨੂੰ ਠੀਕ ਹੋਣ ਵਿੱਚ ਪੂਰੀ ਮਦਦ ਕਰ ਰਹੇ ਹਨ।
ਉਨ੍ਹਾਂ ਕੈਬਨਿਟ ਮੰਤਰੀ ਤੋਂ ਮੰਗ ਕੀਤੀ ਕੀ ਨਸ਼ਾ ਛੁਡਾਊ ਕੇਂਦਰ ਖਿਆਲਾਂ ਪਿੰਡ ਵਿਖੇ ਚਲਾਇਆ ਜਾ ਰਿਹਾ ਹੈ ਉਸ ਨੂੰ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਕਿਉਂਕਿ ਨਸ਼ਾ ਦੇ ਆਦੀ ਲੋਕਾਂ ਨੂੰ ਹੋਰ ਬੀਮਾਰੀ ਦਾ ਇਲਾਜ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ।ਇਸ ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਅਗਲੇ ਕੁਝ ਦਿਨਾਂ ਵਿਚ ਹੀ ਇਸ ਨੂੰ ਹੱਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੂੰ ਮਾਨਸਾ ਪਹੁੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ਼ ਆਨਰ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ੍ਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰੀ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡਾਂ ਦੇ ਸਰਪੰਚ ਤੇ ਪੰਚ ਮੌਜੂਦ ਸਨ।