Sunday, April 06, 2025
 
BREAKING NEWS

ਪੰਜਾਬ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

April 05, 2025 08:17 PM

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ - ਕਟਾਰੂਚੱਕ

ਸਮੇਂ ਸਿਰ ਕਣਕ ਦੀ ਫ਼ਸਲ ਖ਼ਰੀਦ ਕੇ 24 ਘੰਟੇ ਦੇ ਅੰਦਰ-ਅੰਦਰ ਹੋਵੇਗੀ ਅਦਾਇਗੀ

ਖ਼ਰੀਦ ਸੀਜ਼ਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5:


ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28, 894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਿਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ’ਚ ਕਣਕ ਦੀ ਫ਼ਸਲ ਦੇ ਦਾਣੇ-ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਸਾਰੇ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਹੀਂ ਕਰਨਗੇ ਅਤੇ ਸੀਜ਼ਨ ਮੁਕੰਮਲ ਹੋਣ ਤੱਕ ਉਹ ਮੰਡੀਆਂ ਅਤੇ ਆਪਣੇ ਸਟੇਸ਼ਨ ਉੱਪਰ ਹਾਜ਼ਿਰ ਰਹਿਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਨਾਲ ਸਬੰਧਿਤ ਚਾਰ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਸੀਜ਼ਨ ਦੌਰਾਨ ਮਾਝਾ ਖੇਤਰ ਨਾਲ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 6.69 ਲੱਖ ਮੀਟਰਕ ਟਨ, ਅੰਮ੍ਰਿਤਸਰ ਵਿੱਚ 7.54 ਲੱਖ ਮੀਟਰਕ ਟਨ, ਤਰਨਤਾਰਨ ਵਿੱਚ 7.76 ਲੱਖ ਮੀਟਰਕ ਟਨ ਅਤੇ ਜ਼ਿਲ੍ਹਾ ਪਠਾਨਕੋਟ ਵਿੱਚ 0.73 ਲੱਖ ਮੀਟਰਕ ਟਨ ਕਣਕ ਦੀ ਫ਼ਸਲ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ, ਬਾਥਰੂਮ, ਬਿਜਲੀ ਅਤੇ ਸਾਫ਼-ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਫ਼ਸਟ-ਏਡ ਮੈਡੀਕਲ ਕਿੱਟਾਂ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਤਰਪਾਲਾਂ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਦੇ ਖ਼ਰੀਦ ਸੀਜ਼ਨਾਂ ਦੌਰਾਨ ਵੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਸਨ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ, ਜਲੰਧਰ ਡਵੀਜ਼ਨ, ਸ੍ਰੀ ਮਨੀਸ਼ ਨਰੂਲਾ, ਡੀ.ਐੱਫ.ਐੱਸ.ਸੀ. ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਐੱਫ.ਐੱਸ.ਸੀ., ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਿਰ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

 
 
 
 
Subscribe