ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ, ਸਮੁੱਚੇ ਪ੍ਰਬੰਧਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਉਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨਾਲ ਪੀਏ ਰਾਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਨਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ ਦੇ ਅਧਿਕਾਰੀ ਹਾਜ਼ਰ ਸਨ।