ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਆਫ਼ਤ ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ 'ਚ ਸਧਾਰਨ ਆਪਰੇਸ਼ਨਾਂ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਰਕਾਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਇਕ ਪੱਤਰ 'ਚ ਸਾਫ਼ ਕਰ ਦਿੱਤਾ ਹੈ ਕਿ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਕਰਕੇ 15 ਦਿਨ ਹਸਪਤਾਲਾਂ 'ਚ ਆਪਰੇਸ਼ਨ ਨਹੀਂ ਕੀਤੇ ਜਾਣਗੇ। ਸਿਹਤ ਮਹਿਕਮੇ ਦੇ ਡਾਇਰੈਕਟਰ ਵੱਲੋਂ ਜਾਰੀ ਪੱਤਰ 'ਚ ਇਹ ਵੀ ਕਿਹਾ ਗਿਆ ਹੈ ਕਿ ਸਿਹਤ ਅਮਲੇ ਦੀਆਂ ਸੇਵਾਵਾਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸੰਭਾਲ 'ਚ ਲਏ ਜਾਣ ਕਾਰਨ ਆਪਰੇਸ਼ਨ ਬੰਦ ਕੀਤੇ ਗਏ ਹਨ। ਦੂਜੇ ਪਾਸੇ ਡਾਕਟਰਾਂ ਨੇ ਕਿਹਾ ਹੈ ਕਿ ਛੋਟੇ-ਮੋਟੇ ਆਪਰੇਸ਼ਨ ਬੰਦ ਕਰਨ ਨਾਲ ਗਰੀਬ ਲੋਕਾਂ ਨੂੰ ਨਿੱਜੀ ਹਸਪਤਾਲਾਂ ਵੱਲ ਮੂੰਹ ਕਰਨਾ ਪਵੇਗਾ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਪਰੇਸ਼ਾਨੀ ਹੋਵੇਗੀ।