ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੰਜਾਬ ਸਰਕਾਰ 'ਤੇ ਚੌਤਰਫ਼ਾ ਹਮਲੇ ਜਾਰੀ ਹਨ। ਇਸੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵੱਲ ਕੂਚ ਕੀਤੀ ਗਈ। ਅਕਾਲੀ ਦਲ ਵਲੋਂ ਅੱਜ ਗਵਰਨਰ ਹਾਊਸ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਦੌਰਾਨ ਜਦੋਂ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਵਰਕਰ ਗਵਰਨਰ ਹਾਊਸ ਵੱਲ ਰਵਾਨਾ ਹੋਏ ਤਾਂ ਰਸਤੇ 'ਚ ਹੀ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਰੋਕ ਲਿਆ।
ਇਸੇ ਦੌਰਾਨ ਪੁਲਿਸ ਨੇ ਬਿਕਰਮ ਮਜੀਠੀਆ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ। ਅਕਾਲੀ ਵਰਕਰਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਹੀ ਰਾਜ ਭਵਨ ਨੂੰ ਆਉਣ ਵਾਲੇ ਰਸਤਿਆਂ 'ਤੇ ਚੌਕਸੀ ਰੱਖੀ ਜਾ ਰਹੀ ਸੀ। ਪੁਲਿਸ ਨੇ ਰਸਤੇ ਬਲਾਕ ਕਰਕੇ ਸਾਰੀ ਆਵਾਜਾਈ ਨੂੰ ਦੂਜੇ ਰਸਤਿਆਂ ਵੱਲ ਮੋੜ ਦਿਤਾ ਸੀ।
ਅਕਾਲੀ ਦਲ ਦੇ ਵਰਕਰਾਂ ਨੂੰ 300 ਮੀਟਰ ਦੀ ਦੂਰੀ 'ਤੇ ਹੀ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਲਗਾਤਾਰ ਵਧ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵਲੋਂ ਸਾਰੇ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਬਿਕਰਮ ਮਜੀਠੀਆ ਨੇ ਕੈਪਟਨ ਦੀ ਤਰਨ ਤਾਰਨ ਫੇਰੀ ਨੂੰ ਮਹਿਜ਼ ਫ਼ੋਟੋ ਸੈਕਸ਼ਨ ਦਸਦਿਆਂ ਕਿਹਾ ਕਿ ਕੈਪਟਨ ਨੇ ਤਰਨ ਤਾਰਨ ਜਾ ਕੇ ਸਿਰਫ਼ ਖਾਨਾਪੂਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਾਰਵਾਈ ਤਾਂ ਕੀ ਕਰਨੀ ਸੀ, ਉਲਟਾ ਦੋਸ਼ੀਆਂ ਨੂੰ ਤਰਨ ਤਾਰਨ ਆਪਣੇ ਨਾਲ ਹੀ ਘੁਮਾਉਂਦੇ ਰਹੇ।
ਅਕਾਲੀ ਦਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਈਡੀ ਨੂੰ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਨ ਮੰਗ ਵੀ ਰੱਖੀ। ਬਿਕਰਮ ਮਜੀਠੀਆ ਨੇ ਕਿਹਾ ਕਿ ਜਾਅਲੀ ਸ਼ਰਾਬ ਵਿਕਣ ਨਾਲ ਪੰਜਾਬ ਦੇ ਰੈਵੇਨਿਊ ਨੂੰ ਨੁਕਸਾਨ ਪਹੁੰਚਿਆ ਤੇ ਦੋਸ਼ੀਆਂ ਨੇ ਸ਼ਰਾਬ ਵੇਚ ਕੇ ਮੋਟੀ ਕਮਾਈ ਕੀਤੀ ਹੈ। ਇਸ ਲਈ ਈਡੀ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਦਿਆਂ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ।
ਕਾਬਲੇਗੌਰ ਹੈ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ ਪੰਜਾਬ ਅੰਦਰ ਵੀ ਕਈ ਥਾਈ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਰਿਹਾ। ਭਾਵੇਂ ਸਰਕਾਰ ਵਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਪਰ ਵਿਰੋਧੀ ਧਿਰਾਂ ਇਸ ਮਾਮਲੇ 'ਚ ਸਰਕਾਰ ਨੂੰ ਕੋਈ ਵੀ ਰਿਆਇਤ ਦੇਣ ਦੇ ਮੂੜ 'ਚ ਨਹੀਂ ਹਨ। ਸਰਕਾਰ ਨੂੰ ਲਗਾਤਾਰ ਘੇਰਨ ਲਈ ਲਾਮਬੰਦੀ ਜਾਰੀ ਹੈ। ਇਸ ਦੇ ਮੱਦੇਨਜ਼ਰ ਆਉਂਦੇ ਦਿਨਾਂ ਦੌਰਾਨ ਇਸ ਮਾਮਲੇ ਦੇ ਹੋਰ ਤੁਲ ਫੜਣ ਦੇ ਅਸਾਰ ਬਣਦੇ ਜਾ ਰਹੇ ਹਨ।