ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਇਲਾਕੇ ਦਾ ਰਹਿਣ ਵਾਲਾ 21 ਸਾਲਾ ਮੋਨੂੰ, 20 ਅਗਸਤ ਤੋਂ ਘਰੋਂ ਲਾਪਤਾ ਸੀ ਤੇ ਅੱਜ ਸਵੇਰੇ ਤੜਕਸਾਰ ਝਾੜੀਆਂ ਵਿਚੋਂ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰਾਂ ਵਲੋਂ ਥਾਣੇ ਵਿਚ ਸ਼ਿਕਾਇਤ ਵੀ ਦਿੱਤੀ ਗਈ ਲੇਕਿਨ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਲੱਭਣ ਲਈ ਪੁਲਿਸ ਵਲੋਂ ਪੈਸਿਆਂ ਦੀ ਵੀ ਮੰਗ ਕੀਤੀ ਜਾ ਰਹੀ ਸੀ ਪਰ ਕਰੀਬ 3 ਦਿਨ ਬੀਤ ਜਾਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੁੱਤਰ ਦੀ ਲਾਸ਼ ਮਿਲੀ ਹੈ । ਉਨ੍ਹਾਂ ਦੇ ਪੁੱਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਵੀ ਕੀਤੇ ਗਏ ਅਤੇ ਲਾਸ਼ ਨੂੰ ਕੀੜੇ ਵੀ ਪੈ ਗਏ। ਮੋਨੂੰ ਦੇ ਪਿਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਮੋਨੂੰ ਦਾ ਇੱਥੇਂ ਦੇ ਹੀ ਰਹਿਣ ਵਾਲੇ ਕੁਝ ਲੋਕਾਂ ਨਾਲ ਝਗੜਾ ਵੀ ਹੋਇਆ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਨੌਜਵਾਨਾਂ ਵੱਲੋਂ ਹੀ ਇਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।