ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਕਿਲੂਰਾ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਉਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲ ਦੀ ਤਲਾਸ਼ੀ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਦੋਹਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਜਥੇਬੰਦੀ ਦਾ ਪਤਾ ਲਾਇਆ ਜਾ ਰਿਹਾ ਹੈ।
ਇਸੇ ਦੌਰਾਨ ਸ੍ਰੀਨਗਰ ਦੇ ਨੌਹਟਾ ਇਲਾਕੇ ਵਿਚ ਸੀਆਰਪੀਐਫ਼ ਦੇ ਜਵਾਨ ਕੋਲੋਂ ਰਾਈਫ਼ਲ ਖੋਹਣ ਦੀ ਕੋਸ਼ਿਸ਼ ਕਰਨ ਦੋਸ਼ ਹੇਠ 28 ਸਾਲਾ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸ਼ਹਿਰ ਦੇ ਬਾਹਰੀ ਹਿੱਸੇ ਦੇ ਪੀਰਬਾਗ਼ ਇਲਾਕੇ ਵਿਚ ਰਹਿਣ ਵਾਲੇ ਤਹਰੀਨ ਸ਼ਬੀਰ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦ ਉਸ ਨੇ ਸੀਆਰੀਪੀਐਫ਼ ਦੇ ਜਵਾਨ ਕੋਲੋਂ ਸਰਕਾਰੀ ਰਾਇਫ਼ਲ ਖੋਹਣ ਦੀ ਕੋਸ਼ਿਸ਼ ਕੀਤੀ। ਹੈਡ ਕਾਂਸਟੇਬਲ ਸਮਰਿੰਦਰ ਨੇ ਉਸ ਨੂੰ ਫੜ ਲਿਆ।