ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਝੋਨੇ ਦਾ ਖਰੀਦ ਸੀਜ਼ਨ 2020-21 ਸੂਬੇ ਵਿਚ 27 ਸਤੰਬਰ ਨੂੰ ਸ਼ੁਰੂ ਹੋਇਆ ਜਿਸ ਵਿਚ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੀ.ਐਸ.ਐਸ.ਡਬਲਯੂ.ਸੀ. ਤੋਂ ਇਲਾਵਾ ਐਫ.ਸੀ.ਆਈ. ਫਸਲ ਦੀ ਖਰੀਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੇ ਅਨੁਸਾਰ ਏ ਗਰੇਡ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 1, 888 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਫਸਲ ਖਰੀਦੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸਾਉਣੀ ਖਰੀਦ ਸੀਜਨ 2020-21 ਲਈ ਅੰਦਾਜ਼ਨ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਪ੍ਰਬੰਧ ਕੀਤੇ ਹਨ। ਆਰ.ਬੀ.ਆਈ ਵਲੋਂ ਕਿਸਾਨਾਂ ਨੂੰ ਐਮ.ਐਸ.ਪੀ. ਦੇ ਭੁਗਤਾਨ ਲਈ 30, 220.82 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਮਨਜ਼ੂਰ ਕੀਤੀ ਗਈ ਹੈ।
ਸੂਬੇ ਦੀਆਂ ਮੰਡੀਆਂ ਵਿਚ 8 ਅਕਤੂਬਰ ਤੱਕ ਕੁੱਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 15.91 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ ਅਤੇ 0.11 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਨੇ ਕੀਤੀ ਹੈ। ਮੰਡੀਆਂ ਵਿਚੋਂ ਖਰੀਦ ਕੀਤੀ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ ਅਤੇ ਕੁੱਲ 7.15 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਪਹਿਲਾਂ ਹੀ ਹੋ ਚੁੱਕੀ ਹੈ।