ਚੰਡੀਗੜ੍ਹ : ਕੇਂਦਰ ਵੱਲੋਂ ਨਵੇਂ ਬਣਾਏ ਤਿੰਨ ਖੇਤੀ ਐਕਟਾਂ ਦੇ ਖਿਲਾਫ 30 ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਰੇਲ ਰੋਕੋ ਸੰਘਰਸ਼ ਜਾਰੀ ਹੈ ਜਦਕਿ ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਕੋਲੇ ਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਹੋਣ ਦੇਣ ਦੀ ਅਪੀਲ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ। 24 ਕਿਸਾਨ ਜਥੇਬੰਦੀਆਂ ਦੀ ਕੱਲ੍ਹ ਬਰਨਾਲਾ ਵਿਚ ਹੋਈ ਮੀਟਿੰਗ ਵਿਚ ਜ਼ਰੂਰੀ ਵਸਤਾਂ ਦੀ ਸਪਲਾਈ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ ਤੇ ਇਸ ਲਈ ਰੇਲ ਰੋਕੋ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਆਪੋ ਆਪਣੇ ਐਲਾਨਾਂ ਵਿਚ ਇਹ ਸੰਘਰਸ਼ 15 ਅਕਤੂਬਰ ਤੱਕ ਜਾਰੀ ਰੱਖਣ ਬਾਰੇ ਕਿਹਾ ਹੈ ਪਰ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 13 ਅਕਤੂਬਰ ਨੂੰ ਜਲੰਧਰ ਵਿਖੇ ਸੱਦੀ ਗਈ ਹੈ।
ਕਿਸਾਨ ਜਥੇਬੰਦੀਆਂ ਵਿਚੋਂ ਕੁਝ ਨੇ ਕੋਲਾ ਸੰਕਟ ਨੂੰ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦਾ ਸਾਜਿ਼ਸ਼ ਕਰਾਰ ਦਿੱਤਾ ਹੈ। ਇਹ ਜਥੇਬੰਦੀਆਂ ਇਹ ਦਲੀਲ ਦੇ ਰਹੀਆਂ ਹਨ ਕਿ ਅਜਿਹਾ ਕੋਈ ਸੰਕਟ ਨਹੀਂ ਹੈ ਤੇ ਸਿਰਫ ਤੇ ਸਿਰਫ ਕਾਂਗਰਸੀ ਸੰਘਰਸ਼ ਨੂੰ ਫੇਲ੍ਹ ਕਰਨ ਦੀ ਸਾਜਿ਼ਸ਼ ਹੈ।