ਚੰਡੀਗੜ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ। ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (FCI) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।
ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ।