22 ਏਕੜ ਰਕਬੇ ਵਿਚ ਕਣਕ, ਝੋਨੇ, ਮੱਕੀ ਅਤੇ ਆਲੂ ਦੀ ਕਰਦਾ ਹੈ ਸਫਲ ਖੇਤੀ
ਚੰਡੀਗੜ੍ਹ : ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਵਰਤਾਰਾ ਇਸ ਵੇਲੇ ਇਕ ਵੱਡੀ ਚੁਨੌਤੀ ਬਣਿਆ ਹੋਇਆ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਕਈ ਅਗਾਂਹਵਧੂ ਕਿਸਾਨ ਇਸ ਮੁਹਿੰਮ ਸਦਕਾ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕਰ ਰਹੇ ਹਨ, ਪਰੰਤੂ ਹਾਲੇ ਵੀ ਅੱਗ ਲਗਾਉਣ ਦੀਆਂ ਘਟਨਾਵਾਂ ਪੂਰੀ ਤਰਾਂ ਖ਼ਤਮ ਨਹੀਂ ਹੋਈਆਂ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ਵਿਚ ਲਗਾਏ ਜਾਂਦੇ ਜਾਗਰੂਕਤਾ ਕੈਂਪਾਂ ਤੋਂ ਪ੍ਰੇਰਨਾ ਲੈ ਕੇ ਬਲਾਕ ਨਵਾਂਸ਼ਹਿਰ ਦੇ ਪਿੰਡ ਸੋਨਾ ਦਾ ਅਗਾਂਹਵਧੂ 45 ਸਾਲਾ ਕਿਸਾਨ ਗੁਰਪਾਲ ਸਿੰਘ ਪਿਛਲੇ ਚਾਰ ਸਾਲਾਂ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਨਾਂ ਦਾ ਯੋਗ ਨਿਪਟਾਰਾ ਕਰ ਕੇ ਸਫ਼ਲਤਾ ਪੂਰਵਕ ਖੇਤੀ ਕਰ ਰਿਹਾ ਹੈ। ਕਰੀਬ 22 ਏਕੜ ਜ਼ਮੀਨ ਵਿਚ ਉਹ ਪਿਛਲੇ 25 ਸਾਲਾਂ ਤੋਂ ਕਣਕ, ਝੋਨੇ ਮੱਕੀ ਅਤੇ ਆਲੂ ਦੀ ਖੇਤੀ ਕਰ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਅਤੇ ਫ਼ਸਲ ਦਾ ਝਾੜ ਵੱਧ ਮਿਲਦਾ ਹੈ।
ਇਸ ਤੋਂ ਇਲਾਵਾ ਖਾਦਾਂ ਦੀ ਵਰਤੋਂ ਵਿਚ ਵੀ ਕਮੀ ਆਈ ਹੈ। ਗੁਰਪਾਲ ਸਿੰਘ ਜਿਥੇ ਆਪ ਪਰਾਲੀ ਨੂੰ ਅੱਗ ਨਹੀਂ ਲਾਉਂਦਾ, ਉਥੇ ਹੀ ਇਲਾਕੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਦਾ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਹੋਰ ਕਿਸਾਨਾਂ ਨੇ ਵੀ ਉਸ ਦੇ ਨਕਸ਼ੇ ਕਦਮਾਂ ’ਤੇ ਤੁਰਨਾ ਸ਼ੁਰੂ ਕੀਤਾ ਹੈ।