ਚੰਡੀਗੜ੍ਹ : ਐਸ.ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਹੱਥ ਪਿੱਛੇ ਖਿੱਚ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਪਿਛਾਂਹ ਖਿੱਚੂ ਕਦਮ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਮੰਤਰੀ ਮੰਡਲ ਦੁਆਰਾ ਬੀਤੇ ਦਿਨ ਮਨਜ਼ੂਰ ਕੀਤੀ ਗਈ ਨਵੀਂ ਵਜ਼ੀਫਾ ਸਕੀਮ SC ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੀ ਪੜ੍ਹਾਈ ਕਰਨ ਦੇ ਸਮਰੱਥ ਬਣਾਉਂਦਿਆਂ ਉਨ੍ਹਾਂ ਦੇ ਭਵਿੱਖ ਨੂੰ ਸੁਰੱÎਖਿਅਤ ਕਰੇਗੀ।
ਮੁੱਖ ਮੰਤਰੀ ਹੁਸ਼ਿਆਰਪੁਰ ਦੇ ਇਕ SC ਵਿਦਿਆਰਥੀ ਦੇ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸਦਾ ਦਾ ਭਵਿੱਖ ਕੇਂਦਰ ਦੀ ਸਕਾਲਰਸ਼ਿਪ ਸਕੀਮ ਦੇ ਅਚਾਨਕ ਬੰਦ ਹੋਣ ਨਾਲ ਖਤਰੇ ਵਿੱਚ ਪੈ ਗਿਆ ਸੀ। ਆਪਣੇ 'ਕੈਪਟਨ ਨੂੰ ਸਵਾਲ' ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਹੋਰ ਵਿਦਿਆਰਥੀਆਂ ਨੂੰ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਆਮਦਨੀ ਮਾਪਦੰਡ ਵਧਾਉਣ ਦਾ ਵੀ ਫੈਸਲਾ ਲਿਆ ਹੈ, ਜੋ ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ ਵਿਚ ਸਿੱਧੀ ਭਰਤੀ ਲਈ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਵਾਸਤੇ 33 ਫੀ ਸਦੀ ਰਾਖਵਾਂਕਰਨ ਬਾਰੇ ਕੈਬਨਿਟ ਦੇ ਫੈਸਲੇ ਨਾਲ ਉਨ੍ਹਾਂ ਦੀ ਸਰਕਾਰ ਨੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਿਹਾ ਕਿ ਇਸ ਨਾਲ ਔਰਤਾਂ ਨੂੰ ਉਹ ਮਿਲੇਗਾ, ਜਿਸ ਦੀਆਂ ਉਹ ਹੱਕਦਾਰ ਹਨ।