ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 19 ਅਕਤੂਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।
ਮੁੱਖ ਮੰਤਰੀ ਪਿਛਲੇ 2 ਦਿਨਾਂ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਪਣੇ ਕਰੀਬੀ ਸਾਥੀਆਂ ਨਾਲ ਇਸ ਮਾਮਲੇ ਸਬੰਧੀ ਵਿਚਾਰ ਕਰਨ 'ਚ ਲੱਗੇ ਹੋਏ ਹਨ। ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਆਪਣੇ ਕੈਬਨਿਟ ਸਾਥੀਆਂ ਅਤੇ ਕਾਂਗਰਸੀ ਵਿਧਾਇਕਾਂ ਨਾਲ ਬੈਠਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੋਗਾ : ਕਬਾੜੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਆਪਣੇ ਪਹਿਲੇ ਕਾਰਜਕਾਲ ਦੌਰਾਨ ਨਦੀ ਜਲ ਨਾਲ ਸੰਬੰਧਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਕੇ ਇਤਿਹਾਸਕ ਕਦਮ ਚੁੱਕਿਆ ਸੀ ਅਤੇ ਹੁਣ ਵੀ ਸਮੁੱਚੇ ਸਿਆਸੀ ਨੇਤਾਵਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ 'ਚ ਚੁੱਕੇ ਜਾਣ ਵਾਲੇ ਕਦਮ ਵੱਲ ਲੱਗੀਆਂ ਹੋਈਆਂ ਹਨ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਕਿਸਾਨਾਂ ਦੇ ਹੱਕ 'ਚ ਕੋਈ ਵੱਡਾ ਕਦਮ ਵੀ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਸੁਝਾਅ : ਵਿਧਾਨ ਸਭਾ ਸੈਸ਼ਨ ਵਿਚ ਸੱਤਾਧਾਰੀ ਕਾਂਗਰਸ ਕੀ -ਕੀ ਕਰੇ ?
ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਹਿੰਦੇ ਆ ਰਹੇ ਹਨ ਕਿ ਕਿਸਾਨਾਂ ਅਤੇ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਉਹ ਆਖਰੀ ਸਾਹ ਤੱਕ ਲੜਾਈ ਲੜਨਗੇ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਕਾਨੂੰਨਾਂ 'ਚ ਜ਼ਰੂਰੀ ਸੋਧ ਕੀਤੀ ਜਾ ਸਕਦੀ ਹੈ, ਜਿਸ ਨਾਲ ਕੇਂਦਰੀ ਖੇਤੀ ਕਾਨੂੰਨਾਂ ਦਾ ਪ੍ਰਭਾਵ ਪੰਜਾਬ ਦੇ ਕਿਸਾਨਾਂ 'ਤੇ ਨਾ ਪਵੇ।