Friday, November 22, 2024
 

ਚੰਡੀਗੜ੍ਹ / ਮੋਹਾਲੀ

ਮੁਲਤਾਨੀ ਕੇਸ ਵਿਚ ਚੰਡੀਗੜ੍ਹ ਦੇ ਥਾਣੇ ਦੇ ਸਾਬਕਾ ਐੱਸ ਐੱਚ ਓ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

October 20, 2020 09:41 AM

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ’ਚ ਲਾਪਤਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਉਸ ਵੇਲੇ ਦੇ  ਐੱਸਐੱਚਓ ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
 ਪੀੜਤ ਪਰਿਵਾਰ ਸ਼ੁਰੂ ਤੋਂ ਹੀ ਮੰਗ ਕਰਦਾ ਆ ਰਿਹਾ ਸੀ ਕਿ ਜਿਸ ਥਾਣੇ ਵਿੱਚ ਮੁਲਤਾਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਢਾਹਿਆ ਗਿਆ, ਉਥੋਂ ਦੇ ਐੱਸਐੱਚਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉੱਧਰ, ਉਕਤ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ  ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਕੇਸ ਤਹਿਤ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਜਦੋਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ   ਹੈ ਤਾਂ ਉਨ੍ਹਾਂ ਖ਼ਿਲਾਫ਼ ਕੁਝ ਦਿਨ ਪਹਿਲਾਂ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ ਵਾਪਸ ਲਏ ਜਾਣ।
ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ 29 ਸਾਲ ਪਹਿਲਾਂ 11 ਦਸੰਬਰ 1991 ਨੂੰ ਸਾਬਕਾ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ। ਜਿੱਥੇ ਉਸ ’ਤੇ ਕੀਤੇ ਤਸ਼ੱਦਦ ਕਾਰਨ ਉਸ ਦੀ ਮੌਤ ਹੋ ਗਈ। ਪਰ ਸਬੰਧਤ ਥਾਣੇ ਦੇ ਤਤਕਾਲੀ ਐੱਸਐੱਚਓ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਦੋਂ ਸਾਬਕਾ ਡੀਜੀਪੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਸਮੇਂ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤਤਕਾਲੀ ਥਾਣਾ ਮੁਖੀ ਨੂੰ ਵੀ ਨਾਮਜ਼ਦ ਕੀਤਾ ਗਿਆ ਪਰ ਉਹ ਹੁਣ ਤੱਕ ਕਾਨੂੰਨੀ ਕਾਰਵਾਈ ਤੋਂ ਬਚਦਾ ਆ ਰਿਹਾ ਸੀ।

 

Readers' Comments

Onkar Singh 10/20/2020 2:30:33 PM

😎😎

Have something to say? Post your comment

Subscribe