ਕਿਹਾ, ਚੁੱਪ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ ਹੈ।
ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਬਚਾਉਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਾਇਮ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਇਤਿਹਾਸ ਸਿਰਜਿਆ ਹੈ ਅਤੇ ਕਾਂਗਰਸ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਗੈਰ ਭਾਜਪਾ ਜਾਂ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ।
ਕਾਂਗਰਸ ਪ੍ਰਧਾਨ ਨੇ 'ਆਪ' ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਤਾਂ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਦਾ ਖੁੱਲ੍ਹ ਕੇ ਸਮਰਥਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ ਪਰ ਬਾਅਦ ਵਿੱਚ ਆ ਕੇ ਇਸ ਦੇ ਕਾਨੂੰਨੀ ਆਧਾਰ ਉਤੇ ਰੌਲਾ ਪਾ ਕੇ ਪਾਰਟੀ ਦੇ 'ਪਲਟੂ' ਰੋਗ ਤੋਂ ਪੀੜਤ ਹੋਣ ਦਾ ਸਬੂਤ ਦਿੱਤਾ।
ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਤਿੰਨ ਮਹੀਨੇ ਤੱਕ ਇਨ੍ਹਾਂ ਕੇਂਦਰੀ ਖੇਤੀ ਬਿੱਲਾਂ ਦੇ ਸੋਹਲੇ ਗਾਉਂਦਾ ਰਿਹਾ ਅਤੇ ਫਿਰ ਯਕਦਮ 'ਪਲਟੂ' ਰੋਗ ਨਾਲ ਪੀੜਤ ਹੋਣ ਦਾ ਸਬੂਤ ਦਿੰਦਿਆਂ ਇਨ੍ਹਾਂ ਨੂੰ ਕਾਲੇ ਕਾਨੂੰਨ ਦੱਸਣ ਲੱਗ ਪਿਆ। ਹੁਣ ਅਕਾਲੀ ਦਲ ਦੀ ਤਰਜ਼ ਉਤੇ ਹੀ 'ਆਪ' ਵੀ ਇਸੇ ਰੋਗ ਤੋਂ ਪੀੜਤ ਹੋ ਚੁੱਕੀ ਹੈ ਅਤੇ ਪਹਿਲਾਂ ਵਿਧਾਨ ਸਭਾ ਵਿੱਚ ਬਿੱਲਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਇਸ ਦੀਆਂ ਕਾਨੂੰਨੀ ਖਾਮੀਆਂ ਕੱਢਣ ਲੱਗ ਪਈ ਹੈ।