ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ : ਲੌਂਗੋਵਾਲ
ਅੰਮ੍ਰਿਤਸਰ : ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਸੇ ਹਮਲੇ ਦੌਰਾਨ ਹੀ ਭਾਈ ਮਹਿੰਗਾ ਸਿੰਘ ਬੱਬਰ ਅਤੇ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਸ਼ਹੀਦ ਹੋਏ ਸਨ। ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਹਮਲੇ ਦੌਰਾਨ ਸਭ ਤੋਂ ਪਹਿਲੇ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਦੇ ਅੰਤਮ ਸੰਸਕਾਰ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਉਹ ਖੁਦ ਵੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟਗਿਣਤੀ ਸਿੱਖਾਂ ਨਾਲ ਕੇਂਦਰ ਵੱਲੋਂ ਸਦਾ ਧੱਕਾ ਅਤੇ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਜੂਨ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਬਾਅਦ ਵੀ ਸਿੱਖਾਂ ਨੂੰ ਲਗਾਤਾਰ ਦਬਾਇਆ ਜਾਂਦਾ ਰਿਹਾ।
ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ 'ਤੇ ਵੱਖ-ਵੱਖ ਤਰ੍ਹਾਂ ਦੇ ਹਮਲੇ ਕੀਤੇ ਜਾ ਰਹੇ ਹਨ। ਸਿੱਖ ਪਛਾਣ, ਪੰਜਾਬੀ ਭਾਸ਼ਾ ਅਤੇ ਸਿੱਖਾਂ 'ਤੇ ਨਸਲੀ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਏਕਤਾ ਦੀ ਭਾਵਨਾ ਨਾਲ ਕੌਮੀ ਚੁਣੌਤੀਆਂ ਦਾ ਮੁਕਾਬਲਾ ਕੀਤਾ ਜਾਵੇ, ਤਾਂ ਜੋ ਸਿੱਖ ਵਿਰੋਧੀ ਮਨਸੂਬੇ ਕਾਮਯਾਬ ਨਾ ਹੋਣ। ਇਸ ਮੌਕੇ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਭਾਈ ਮਹਿੰਗਾ ਸਿੰਘ ਬੱਬਰ ਦੇ ਪਰਿਵਾਰਕ ਮੈਂਬਰਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।