Friday, November 22, 2024
 

ਪੰਜਾਬ

SGPC ਦਫਤਰ ਬਾਹਰ ਹੋਈ ਝੜਪ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

October 25, 2020 08:05 AM

ਅਕਾਲ ਤਖਤ ਨੂੰ ਪੱਤਰ ਰਾਹੀਂ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਬੁਲਾ ਕੇ ਕਾਰਵਾਈ ਦੀ ਮੰਗ

ਅੰਮ੍ਰਿਤਸਰ : ਗਾਇਬ ਹੋਏ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਮੈਂਬਰਾਂ 'ਤੇ ਕੀਤੇ ਗਏ ਹਮਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਧਰਨਾਕਾਰੀਆਂ ਦੇ ਇਸ ਹਮਲੇ 'ਚ ਕਈ ਮੁਲਾਜ਼ਮ ਜ਼ਖਮੀਂ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।  ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰਾਂ ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਇਹ ਧਰਨਾਕਾਰੀ ਬੀਤੇ ਕਈ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ ਵਿਚ ਦਖ਼ਲ ਦਿੰਦੇ ਆ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਨੂੰ ਗਾਲੀ-ਗਲੋਚ ਵੀ ਕਰ ਰਹੇ ਹਨ।
 
 
ਇਨ੍ਹਾਂ ਧਰਨਾਕਾਰੀਆਂ ਨੇ ਤਾਂ ਅੱਜ ਉਦੋਂ ਹੱਦ ਹੀ ਕਰ ਦਿੱਤੀ, ਜਦੋਂ ਇਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਗੇਟ ਅੱਗੇ ਰੋਕ ਕੇ ਮੰਦਭਾਸ਼ਾ ਬੋਲਦੇ ਰਹੇ। ਇਸ ਦੇ ਨਾਲ ਹੀ ਇਨ੍ਹਾਂ ਨੇ ਦੁਪਹਿਰ ਦੇ ਲੰਗਰ ਸਮੇਂ ਜਾ ਰਹੇ ਮੁਲਾਜ਼ਮਾਂ ਨੂੰ ਗੇਟ ਤੋਂ ਬਾਹਰ ਨਾ ਨਿਕਲਣ ਦੇਣ ਦੀ ਕੋਝੀ ਹਰਕਤ ਕੀਤੀ ਅਤੇ ਕਿਰਪਾਨਾਂ ਉਛਾਲ ਕੇ ਗਾਲੀ-ਗਲੋਚ ਕਰਦੇ ਰਹੇ। ਸਵੇਰ ਤੋਂ ਲੈ ਕੇ ਕੁਝ ਲੋਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਕੇ ਬੈਠ ਗਏ ਅਤੇ ਪ੍ਰਬੰਧਕੀ ਕੰਮ-ਕਾਜ ਵਿਚ ਵਿਘਨ ਪਾਇਆ।
 
 
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਧਰਨਾ ਲਗਾਉਣ ਵਾਲੇ ਲੋਕ ਜਿਨ੍ਹਾ ਵਿਚ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਮੁਹਾਲਮ ਆਦਿ ਮੌਜੂਦ ਹਨ, ਬੀਤੇ ਕਈ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਉਂਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਸੱਟ ਮਾਰ ਰਹੇ ਹਨ।
 
 
 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਇਨ੍ਹਾਂ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਕ ਬੇਨਤੀ ਪੱਤਰ ਦਿੱਤਾ, ਜਿਸ ਵਿਚ ਧਰਨਾਕਾਰੀਆਂ ਵੱਲੋਂ ਕੀਤੀ ਗਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਬੁਲਾ ਕੇ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।
 

Have something to say? Post your comment

 
 
 
 
 
Subscribe