ਪੰਜਾਬੀ ਫ਼ਿਲਮ ਇੰਡਸਟਰੀ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ ਕੀਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਸਬੰਧ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਅਤੇ ਹੋਰ ਮੌਜੂਦ ਸਨ। ਕੈਪਟਨ ਅਮਰਿੰਦਰ ਨੇ ਪੰਜਾਬੀ ਕਲਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ 'ਤੇ ਧੱਕਣ ਦੀ ਕੋਸ਼ਿਸ਼ ਕੀਤੀ। ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਕਿਸਾਨ ਅੰਦੋਲਨ ਦੇ ਰਸਤੇ 'ਤੇ ਹਨ ਅਤੇ ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੋਧ ਬਿੱਲਾਂ ਨੂੰ ਪਾਸ ਕੀਤਾ ਹੈ। ਹੁਣ ਵੇਖਣਾ ਇਹ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਜਿਸ ਤਰ੍ਹਾਂ ਕਿਸਾਨਾਂ ਦੀ ਹਮਾਇਤ ਵਿਚ ਅੱਗੇ ਆਈ ਹੈ, ਉਸ ਨਾਲ ਪੰਜਾਬੀ ਏਕਤਾ ਨੂੰ ਹੱਲਾਸ਼ੇਰੀ ਮਿਲੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬੀ ਇੱਕਜੁਟ ਰਹਿੰਦੇ ਹਨ ਤਾਂ ਉਸ ਨਾਲ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਅਤੇ ਗਾਇਕਾਂ ਦਾ ਕਿਸਾਨ ਵਿਰੋਧੀ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਲਈ ਧੰਨਵਾਦ ਕੀਤਾ।