ਸ੍ਰੀਨਗਰ, (ਏਜੰਸੀ) : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਅਤਿਵਾਦੀ ਮਾਰੇ ਗਏ ਜਿਨ੍ਹਾਂ ਵਿਚੋਂ ਇਕ ਫ਼ਿਜ਼ੀਉਥੈਰੇਪੀ ਦੀ ਪੜ੍ਹਾਈ ਕਰ ਰਿਹਾ ਸੀ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹੜਾ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾ ਦਿਤੀਆਂ ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿਤਾ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਨੇ ਦਸਿਆ ਕਿ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਮਾਰੇ ਗਏ ਅਤਿਵਾਦੀਆਂ ਦੀ ਪਛਾਣ ਸਫ਼ਦਰ ਅਮੀਨ ਭੱਟ ਅਤੇ ਬੁਰਹਾਨ ਅਹਿਮਦ ਗਨੀ ਉਰਫ਼ ਸੈਫ਼ੂਲਾ ਵਜੋਂ ਹੋਈ ਹੈ। ਦੂਜਾ ਅਤਿਵਾਦੀ ਅਨੰਤਨਾਗ ਜ਼ਿਲ੍ਹੇ ਦਾ ਵਾਸੀ ਸੀ ਅਤੇ 2018 ਵਿਚ ਅਤਿਵਾਦੀ ਜਥੇਬੰਦੀ ਵਿਚ ਸ਼ਾਮਲ ਹੋਇਆ ਸੀ।