ਚੰਡੀਗੜ੍ਹ : ਸਕੂਲ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਸੂਬਾ ਸਰਕਾਰ ਨੇ 1626 ਸਰਕਾਰੀ ਸਕੂਲਾਂ ਵਿਚ 1662 ਕਮਰਿਆਂ ਦੀ ਉਸਾਰੀ ਦੀ ਪਹਿਲਕਦਮੀ ਕੀਤੀ ਹੈ ਅਤੇ ਇਸ ਮੰਤਵ ਲਈ 124.82 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮਾਂ ਵਿਚ ਤਬਦੀਲ ਕੀਤਾ ਜਾਵੇਗਾ ਜਿਸ ਵਿਚ ਪ੍ਰਾਜੈਕਟਰ, ਸੀਪੀਯੂ, ਗਰੀਨ ਬੋਰਡ ਅਤੇ ਲੋੜੀਂਦਾ ਫ਼ਰਨੀਚਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿਖਿਆ ਦੇ ਮਿਆਰ ਵਿਚ ਸੁਧਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਇਨ੍ਹਾਂ ਸਕੂਲਾਂ ਵਿਚ ਥਾਂ ਦੀ ਘਾਟ ਦੇ ਮੱਦੇਨਜ਼ਰ ਨਾਬਾਰਡ ਆਰ.ਆਈ.ਡੀ.ਐਫ਼- ਧਧੜਜ਼ ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਜਿਸ ਨੂੰ ਜਲਦ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਹਰ ਇਕ ਕਮਰੇ ਦੀ ਉਸਾਰੀ ਲਈ 7.51 ਲੱਖ ਰੁਪਏ ਦਿਤੇ ਜਾਣਗੇ ਅਤੇ ਕਮਰਿਆਂ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜ ਦਿਤੀ ਗਈ ਹੇ। ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਇਨ੍ਹਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਇਕ-ਇਕ ਪੈਸੇ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।