ਚੰਡੀਗੜ੍ਹ : ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਡਾਕਟਰੀ ਸਿੱਖਿਆ 'ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿੱਤੇ ਕਿ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨਾਂ ਨੂੰ ਤੇਜ਼ ਕਰਨ। ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਗਿਰਾਵਟ ਆ ਰਹੀ ਹੈ ਜਿਸ ਨਾਲ ਕੋਵਿਡ ਮਰੀਜ਼ਾਂ ਲਈ ਸਥਾਪਤ ਹਸਪਤਾਲਾਂ ਵਿਚ ਦਾਖਲ ਮਰੀਜਾ ਦੀ ਗਿਣਤੀ ਵੀ ਦਿਨੋ ਦਿਨ ਘੱਟ ਰਹੀ ਹੈ। ਇਸ ਲਈ ਦਾਖ਼ਲ ਮਰੀਜ਼ਾਂ ਨੂੰ ਹੋਰ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ।
ਸੋਨੀ ਨੇ ਸਮੂਹ ਕਾਲਜਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੰਭਾਵੀ ਦੂਜੀ ਲਹਿਰ ਲਈ ਹੁਣ ਤੋਂ ਹੀ ਤਿਆਰੀਆਂ ਕਰ ਲਈਆ ਜਾਣ ਕਿਉਂਕਿ ਦਿੱਲੀ ਵਿਚ ਬੀਤੇ ਕੁਝ ਦਿਨਾਂ ਵਿਚ ਕਰੋਨਾ ਪਾਜ਼ੇਟਿਵ ਮਰੀਜਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਹਨਾਂ ਤਿਵਾੜੀ ਨੂੰ ਐਡਹਾਕ ਉੱਤੇ ਸੁਪਰ ਸਪੈਸਲਿਸਟ ਡਾਕਟਰ ਰੱਖਣ ਲਈ ਵੀ ਕਾਲਜਾਂ ਨੂੰ ਪ੍ਰਵਾਨਗੀ ਦੇਣ ਦੇ ਆਦੇਸ਼ ਦਿੱਤੇ ਅਤੇ ਰੈਗੂਲਰ ਭਰਤੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ।
ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਨੂੰ ਹਦਾਇਤ ਦਿੱਤੀ ਕਿ ਉਹ ਵਿਭਾਗ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਕਾਰਵਾਈ ਮੁਕੰਮਲ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਵਾਉਣ ਅਤੇ ਨਾਲ ਹੀ ਵਿਭਾਗ ਵਿਚ ਜਿੰਨੀਆਂ ਵੀ ਪਦ-ਉਨਤੀ ਵਾਲੀਆਂ ਅਸਾਮੀਆਂ ਖਾਲੀ ਪਈਆਂ ਹਨ ਉਨਾਂ ਨੂੰ ਵੀ ਪਦ-ਉਨਤੀਆਂ ਰਾਹੀਂ ਜਲਦ ਭਰਨਾ ਯਕੀਨੀ ਬਣਾਉਣ।