ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ’ਚ ਚੱਲ ਰਹੇ ਕਿਸਾਨ ਅੰਦੋਲਨ, ਰੇਲ ਗੱਡੀਆਂ ਦੇ ਰੱਦ ਹੋਣ ਅਤੇ ਬਾਰਡਰ ਸਟੇਟ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਦੁਪਹਿਰ 12 ਵਜੇ ਦਿੱਲੀ ’ਚ ਬੈਠਕ ਹੋਵੇਗੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਅਤੇ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ।
ਪ੍ਰਧਾਨ ਮੰਤਰੀ ਨੇ ਤਾਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਮੁਲਾਕਾਤ ਲਈ ਨਹੀਂ ਬੁਲਾਇਆ ਪਰ ਉਨ੍ਹਾਂ ਨੇ ਇਸ ਮਸਲੇ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਵਾਲੇ ਕਰ ਦਿੱਤੀ ਹੈ। ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਤੇ ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਬੈਠਕ ਦੌਰਾਨ ਉਨ੍ਹਾਂ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਅੰਦਰੂਨੀ ਹਾਲਾਤਾਂ ਨੂੰ ਵੇਖਦਿਆਂ ਪਾਕਿਸਤਾਨ ਇਸ ਦਾ ਫਾਇਦਾ ਚੁੱਕ ਸਕਦਾ ਹੈ, ਇਸ ਲਈ ਕਿਸਾਨ ਅੰਦੋਲਨ ਨੂੰ ਵੇਖਦਿਆਂ ਇਸ ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇ।
ਇਹ ਵੀ ਪੜ੍ਹੋ : PU : ਪ੍ਰੀਖਿਆ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 'ਚ ਕੀਤਾ ਵਾਧਾ
ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਨਾ ਚੱਲਣ ਕਾਰਨ ਪੰਜਾਬ ’ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ ਅਤੇ ਨਾਲ ਹੀ ਸੂਬੇ ’ਚ ਦੀਵਾਲੀ ਦੇ ਸਮੇਂ ਲਾਜ਼ਮੀ ਵਸਤਾਂ ਦੀ ਕਮੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨਾਂ ਨੇ ਵੀ ਰੇਲ ਪਟੜੀਆਂ ਨੂੰ ਖਾਲੀ ਕਰ ਦਿੱਤਾ ਹੈ, ਇਸ ਲਈ ਰੇਲ ਗੱਡੀਆਂ ਨੂੰ ਤੁਰੰਤ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਪੰਜਾਬ ਨਾਲ ਜੁੜੇ ਮਸਲਿਆਂ ’ਤੇ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਸਾਨਾਂ ਦੇ ਮਸਲੇ ’ਤੇ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦੇ ਚੁੱਕੇ ਹਨ ਅਤੇ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਸੰਸਦ ਮੈਂਬਰਾਂ ਦੀ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ।