Friday, November 22, 2024
 

ਪੰਜਾਬ

ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਦਾ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

November 23, 2020 06:18 PM

ਅੰਮ੍ਰਿਤਸਰ : ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਭਾਈ ਦਿਆ ਸਿੰਘ ਲਾਹੌਰੀਆ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਅੰਦਰ ਲੰਮੇ ਅਰਸੇ ਤੋਂ ਕਈ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਦੀ ਭਾਰਤ ਸਰਕਾਰ ਵੱਲੋਂ ਐਲਾਨ ਕਰਨ ਮਗਰੋਂ ਵੀ ਰਿਹਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਲਾਨ ਕੀਤਾ ਸੀ, ਪਰੰਤੂ ਇਸ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਦੇਸ਼ ਦੀਆਂ ਜ਼ੇਲ੍ਹਾਂ ਅੰਦਰ ਸਿੱਖ ਸੰਘਰਸ਼ ਨਾਲ ਸਬੰਧਤ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਲਖਮੀਰ ਸਿੰਘ ਕੋਟ ਸ਼ਮੀਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੌਜੂਦ ਸਨ।

 

Have something to say? Post your comment

Subscribe