ਸ਼ਿਮਲਾ, (ਏਜੰਸੀ) : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਬੀਤੀ ਰਾਤ ਇਕ ਬੱਸ 200 ਫ਼ੁੱਟ ਡੂੰਘੀ ਖੱਡ ਵਿਚ ਡਿੱਗ ਗਈ ਜਿਸ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਦਸਿਆ ਕਿ ਪਠਾਨਕੋਟ ਤੋਂ ਡਲਹੌਜ਼ੀ ਜਾ ਰਹੀ ਇਸ ਬੱਸ ਵਿਚ 40 ਲੋਕ ਸਵਾਰ ਸਨ ਅਤੇ ਚੰਬਾ ਵਿਚ ਇਹ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖੱਡ ਵਿਚ ਡਿੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਫ਼ੌਜ ਦੀ ਮਦਦ ਨਾਲ ਰਾਹਤ ਮੁਹਿੰਮ ਚਲਾਈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦਸਿਆ ਕਿ ਸੱਤ ਵਿਅਕਤੀਆਂ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ ਜਦਕਿ ਪੰਜ ਵਿਅਕਤੀਆਂ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿਤਾ। ਹਨੇਰਾ ਹੋਣ ਕਾਰਨ ਰਾਹਤ ਮੁਹਿੰਮ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹਾਦਸੇ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।