Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ

December 08, 2020 08:10 PM
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਵਿੱਦਿਅਕ ਅਦਾਰਿਆਂ ਦਾ ਨਾਂ ਸ਼ਹੀਦਾਂ ਅਤੇ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦੇਣ ਦੀ ਨੀਤੀ ਤਹਿਤ ਸੂਬੇ ਦੇ ਪੰਜ ਸਕੂਲਾਂ ਨੂੰ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ।
 
ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਸਬੰਧੀ ਪ੍ਰਵਾਨਗੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਦੇਸ਼ ਦੀ ਰਾਖੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਮੂਹ ਰਾਸ਼ਟਰ ਰਿਣੀ ਹੈ। ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇਸੇ ਨੀਤੀ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਦੋ ਸਰਕਾਰੀ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਅਖਵਾਨਾ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸ਼ਹੀਦ ਮਨਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਅਖਵਾਨਾ ਰੱਖਣ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ।
 
ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ, ਚੂਸਲੇਵੜ (ਜ਼ਿਲ੍ਹਾ ਤਰਨ ਤਾਰਨ) ਦਾ ਨਾਮ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਸਰਕਾਰੀ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ, ਬਠਿੰਡਾ ਦਾ ਨਾਮ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਮਾਣਾ ਦਾ ਨਾਂ ਬਦਲ ਕੇ ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।
 
ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।
 

Have something to say? Post your comment

Subscribe