ਕਿਹਾ, ਜੇ ਕੇਂਦਰ ਨਾ ਮੰਨੀ ਤਾਂ ਰੇਲ ਪੱਟੜੀਆਂ ਰੋਕਾਂਗੇ
ਨਵੀਂ ਦਿੱਲੀ : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਵੀਰਵਾਰ ਨੂੰ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਰੇਲ ਪਟੜੀਆਂ ਨੂੰ ਰੋਕ ਦੇਣਗੇ ਅਤੇ ਛੇਤੀ ਤਰੀਕ ਦਾ ਐਲਾਨ ਕਰਨਗੇ।
ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਕਿਸਾਨ ਯੂਨੀਅਨਾਂ ਨੇ ਕਿਹਾ ਕਿ ਉਹ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ ਅਤੇ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੇ ਸਾਰੇ ਰਾਜਮਾਰਗਾਂ ਨੂੰ ਜਾਮ ਕਰਨਾ ਸ਼ੁਰੂ ਕਰ ਦੇਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਤੋਂ ਬਾਅਦ ਕਿਸਾਨ ਪਿਛਲੇ ਦੋ ਹਫ਼ਤਿਆਂ ਤੋਂ ਸਰਹੱਦ 'ਤੇ ਧਰਨਾ ਲਗਾ ਰਹੇ ਹਨ।
ਸਰਹੱਦ 'ਤੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਜੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਅਸੀਂ ਰੇਲ ਪੱਟੜੀਆਂ ਨੂੰ ਰੋਕ ਦੇਵਾਂਗੇ। ਅਸੀਂ ਤਰੀਕ ਤੈਅ ਕਰਾਂਗੇ ਅਤੇ ਛੇਤੀ ਹੀ ਇਸ ਦਾ ਐਲਾਨ ਕਰਾਂਗੇ।
ਇਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਨੇ ਮੰਨ ਲਿਆ ਹੈ ਕਿ ਵਪਾਰੀਆਂ ਲਈ ਕਾਨੂੰਨ ਬਣਾਏ ਗਏ ਹਨ। ਜੇ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਤਾਂ ਕੇਂਦਰ ਨੂੰ ਇਸ ਉੱਤੇ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ।
ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਬਣਾਈ ਰੱਖਣ ਦੀ ਮੰਗ ਕਰਦਿਆਂ ਦਿੱਲੀ ਵਿਚ ਵੱਖ-ਵੱਖ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।