ਕੋਲਕਾਤਾ : ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ (TMC) ਤੋਂ ਅਸਤੀਫਾ ਦੇਣ ਤੋਂ ਬਾਅਦ ਰਾਜ ਦੇ ਚੋਟੀ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਆਖਿਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸ਼ੁਭੇਂਦੂ ਅਧਿਕਾਰੀ ਦੀ ਸੁਰੱਖਿਆ ਹੇਠ 30 ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਹ ਸਾਰੇ ਸੈਨਿਕ 24 ਘੰਟੇ ਸ਼ੁਭੇਂਦੂ ਅਧਿਕਾਰੀ ਦੀ ਸੁਰੱਖਿਆ ਹੇਠ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸ਼ੁਭੇਂਦੂ 'ਤੇ ਹਮਲੇ ਦੇ ਖਤਰੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਬੁਲੇਟ ਪਰੂਫ ਵਾਹਨ ਵੀ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ਼ੁਭੇਂਦੂ ਅਧਿਕਾਰੀ ਨੇ ਪਿਛਲੇ ਮਹੀਨੇ ਮਮਤਾ ਬੈਨਰਜੀ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮਿਲੀ ਜ਼ੈੱਡ ਪਲੱਸ ਦੀ ਸੁਰੱਖਿਆ ਤਿਆਗ ਦਿੱਤੀ ਸੀ। ਹਾਲਾਂਕਿ ਬੰਗਾਲ ਸਰਕਾਰ ਨੇ ਉਨ੍ਹਾਂ ਨੂੰ ਅਤਿਰਿਕਤ ਸੁਰੱਖਿਆ ਪ੍ਰਦਾਨ ਕੀਤੀ ਸੀ, ਪਰ ਵੀਰਵਾਰ ਨੂੰ, ਜਦੋਂ ਉਨ੍ਹਾਂ ਨੇ ਤ੍ਰਿਣਮੂਲ ਦੇ ਸਾਰੇ ਅਹੁਦਿਆਂ ਸਮੇਤ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ, ਤਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਜ਼ੈਡ ਪਲੱਸ ਸੁਰੱਖਿਆ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਤੋਂ ਸੀਆਰਪੀਐਫ ਦੇ ਜਵਾਨਾਂ ਨੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਹੈ। ਨੰਦੀਗ੍ਰਾਮ ਦੇ ਵਿਧਾਇਕ ਸ਼ੁਭੇਂਦੂ ਅਧਿਕਾਰੀ ਦੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।