ਸਿੰਗਲਾ ਵੱਲੋਂ ਆੜ੍ਹਤੀਆਂ ਐਸੋਸ਼ੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨਾਲ ਮੁਲਾਕਾਤ
ਕਿਸਾਨ ਅੰਦੋਲਨ ਦਬਾਉਣ ਲਈ ਕੇਂਦਰ ਸਰਕਾਰ ਦੀ ਸ਼ਹਿ 'ਤੇ ਇਨਕਮ ਟੈਕਸ ਦੀ ਰੇਡ
ਫਿਰੋਜ਼ਪੁਰ : ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥਕੰਢੇ ਅਪਣਾ ਰਹੀ ਹੈ, ਬੀਤੇ ਦਿਨੀਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਕੇਂਦਰ ਸਰਕਾਰ ਦੀ ਸਹਿ ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ ਪੂਰੀ ਤਰ੍ਹਾਂ ਨਾਲ ਬਦਲੇ ਦੀ ਭਾਵਨਾ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੱਖੂ ਸਥਿਤ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਪਹੁੰਚਣ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਤੋਂ ਲਗਾਤਾਰ ਪੰਜਾਬ ਦੇ ਆੜ੍ਹਤੀਆਂ ਦੇ ਉੱਤੇ ਇਨਕਮ ਟੈਕਸ ਦੇ ਰੇਡ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਾ ਨਹੂੰ ਮਾਸ ਦਾ ਰਿਸ਼ਤਾ ਹੈ ਅਤੇ ਬਹੁਤ ਲੰਮੇਂ ਸਮੇਂ ਤੋਂ ਦੋਨੋਂ ਵਰਗਾਂ ਨੇ ਆਪਸ ਵਿੱਚ ਮਿਲ ਕੇ ਵਪਾਰ ਹੀ ਨਹੀਂ ਹਰ ਦੁੱਖ ਸੁੱਖ ਦੀ ਘੜੀ ਵਿੱਚ ਇਕ-ਦੂਜੇ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਦੁਕਾਨਦਾਰ ਸਾਰਿਆਂ ਵੱਲੋਂ ਇਕ ਪਰਿਵਾਰ ਦੇ ਰੂਪ ਵਿੱਚ ਕੰਮ ਕੀਤਾ ਜਾਂਦਾ ਹੈ।
ਪਿਛਲੇ ਦਿਨਾਂ ਤੋਂ ਇਹ ਦੇਖਣ ਵਿੱਚ ਆਇਆ ਹੈ ਕਿ ਕੇਂਦਰ ਸਰਕਾਰ ਦੇ ਅਧੀਨ CRPF ਦੇ ਜਵਾਨਾਂ ਦੀਆਂ ਦੋ ਬੱਸਾਂ ਭਰ ਕੇ ਇਨਕਮ ਟੈਕਸ ਦੀ ਟੀਮ ਨੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਰੇਡ ਕੀਤਾ। ਕੱਲ੍ਹ ਸਵੇਰੇ ਪਟਿਆਲਾ ਵਿਖੇ ਉਥੋਂ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਰਾਣਾ ਦੇ ਘਰ ਵੀ ਸੀ.ਆਰ.ਪੀ.ਐਫ ਨਾਲ ਮਿਲ ਕੇ ਇਨਕਮ ਟੈਕਸ ਨੇ ਰੇਡ ਕੀਤੀ ਅਤੇ ਨਾਲ ਹੀ ਸਮਾਣਾ ਵਿਖੇ ਵੀ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਬਾਂਸਲ ਦੇ ਘਰ ਵਿੱਚ ਜਾ ਕੇ ਰੇਡ ਕੀਤੀ ਗਈ ਅਤੇ ਇਸੇ ਤਰ੍ਹਾਂ ਨਵਾਂ ਸ਼ਹਿਰ ਵਿਖੇ ਵੀ ਐਸੋਸੀਏਸ਼ਨ ਦੇ ਪ੍ਰਧਾਨ ਬਿੱਟੂ ਜੀ ਦੇ ਘਰ ਰੇਡ ਕੀਤੀ ਗਈ, ਜੋ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬਦਲੇ ਦੀ ਭਾਵਨਾ ਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਮਿਲ ਕੇ ਕਾਨੂੰਨਾਂ ਨੂੰ ਰੱਦ ਕਰਨ ਦਾ ਕੰਮ ਕੀਤਾ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਘਰ ਵੀ ਈ.ਡੀ. ਨੇ ਪੱਤਰ ਭੇਜ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਤੇ ਵੀ ਪਰਚਾ ਦਰਜ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਆੜ੍ਹਤੀਆਂ ਅਤੇ ਮਜ਼ਦੂਰ ਸਾਰੇ ਕਿਸਾਨ ਭਰਾਵਾਂ ਨਾਲ ਡਟ ਕੇ ਖੜ੍ਹੇ ਹਨ, ਖੜ੍ਹੇ ਰਹਿਣਗੇ ਅਤੇ ਮਰਦੇ ਦਮ ਤੱਕ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਲੜਾਈ ਲੜਨਗੇ।